ਚੰਡੀਗੜ੍ਹ :ਇੱਕ ਪਾਸੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੱਗੇ ਵਧ ਰਹੇ ਹਨ। ਤਾਂ ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੀ ਸ਼ੰਭੂ ਸਰਹੱਦ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਭ ਦੇ ਵਿਚਕਾਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੂਜੇ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਜਿਸ ਤਹਿਤ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਹੋਵੇਗੀ। ਇਸ ਸਬੰਧੀ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਦੂਜੇ ਦੌਰ ਦੀ ਗੱਲਬਾਤ ਲਈ ਬੁਲਾਇਆ ਗਿਆ ਹੈ।
ਮੀਟਿੰਗ 'ਚ ਸ਼ਾਮਿਲ ਹੋਣਗੇ ਇਹ ਮੰਤਰੀ: ਕੇਂਦਰ ਸਰਕਾਰ ਵੱਲੋਂ ਜਾਰੀ ਇਸ ਪੱਤਰ ਅਨੁਸਾਰ ਕਿਸਾਨਾਂ ਨਾਲ ਇਹ ਮੀਟਿੰਗ ਸੋਮਵਾਰ ਨੂੰ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਪੰਜਾਬ) ਵਿਖੇ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ,ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਵੀ ਮੌਜੂਦ ਰਹਿਣਗੇ। ਪਹਿਲੇ ਦੌਰ ਦੀ ਗੱਲਬਾਤ ਦੌਰਾਨ ਇਨ੍ਹਾਂ ਤਿੰਨਾਂ ਮੰਤਰੀਆਂ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।