ਬਰਨਾਲਾ:ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁਤਬਾ ਵਿੱਚ ਝੋਨੇ ਦੀ ਖਰੀਦ ਨਾ ਹੋਣ ਤੋਂ ਦੁਖੀ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸੁਸਤ ਰਫਤਾਰ ਨਾਲ ਝੋਨੇ ਦੀ ਖਰੀਦ
ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਬਿੰਦੂ, ਦਰਸ਼ਨ ਸਿੰਘ ਸੰਧੂ, ਹਰਨੇਕ ਸਿੰਘ ਕੁਤਬਾ, ਜਗਜੀਤ ਸਿੰਘ ਜੱਗੀ ਗੰਗੋਹਰ ਅਤੇ ਮਹਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਉਨਾਂ ਦੀ ਦਾਣਾ ਮੰਡੀ ਵਿੱਚ ਪਿਛਲੇ ਕਈ ਦਿਨਾਂ ਤੋਂ ਫਸਲ ਨਹੀਂ ਖਰੀਦੀ ਜਾ ਰਹੀ। ਇਸ ਤੋਂ ਇਲਾਵਾ ਖਰੀਦੀ ਗਈ ਫਸਲ ਦੀ ਲਿਫਟਿੰਗ ਨਹੀਂ ਹੋ ਰਹੀ, ਜਿਸ ਕਾਰਨ ਝੋਨੇ ਦੀ ਫਸਲ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ। ਖਰੀਦ ਕੇਂਦਰ ਵਿੱਚ ਸੁਸਤ ਰਫਤਾਰ ਨਾਲ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ।
ਖਰੀਦਣ ਅਤੇ ਲਿਫਟਿੰਗ ਦਾ ਢੁਕਵਾਂ ਪ੍ਰਬੰਧ
ਉਨ੍ਹਾਂ ਕਿਹਾ ਕਿ ਅਨਾਜ ਮੰਡੀ ਕੁਤਬਾ ਵਿਖੇ ਝੋਨੇ ਦੀ ਫਸਲ ਵੱਧ ਨਮੀ ਵਾਲਾ ਦੱਸ ਕੇ ਕਿਸਾਨਾਂ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਕਿਸਾਨਾਂ ਨੂੰ ਕਈ ਕਈ ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਲਗਾਤਾਰ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਾਰੀ ਸਥਿਤੀ ਸਬੰਧੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਜਾਣੂੰ ਕਰਵਾ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਤੁਰੰਤ ਖਰੀਦਣ ਅਤੇ ਲਿਫਟਿੰਗ ਦਾ ਪ੍ਰਬੰਧ ਕਰਨ ਲਈ ਮਿਲ ਕੇ ਹੱਲ ਕਰਵਾਇਆ ਜਾ ਰਿਹਾ ਹੈ। ਉਕਤ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਖਰੀਦ ਕੇਂਦਰਾਂ ਵਿੱਚੋਂ ਝੋਨੇ ਦੀ ਫਸਲ ਤੁਰੰਤ ਖਰੀਦਣ ਅਤੇ ਲਿਫਟਿੰਗ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਪਨਸਪ ਏਜੰਸੀ ਦੇ ਇੰਸਪੈਕਟਰ ਹਰਦੀਪ ਸਿੰਘ ਬਰਨਾਲਾ ਅਤੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਰਾਜਦੀਪ ਸਿੰਘ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਅੰਦਰ ਝੋਨੇ ਦੀ ਖਰੀਦ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਨਵੀਂ ਵਾਲਾ ਝੋਨਾ ਖ਼ਰੀਦਣ ਵਿੱਚ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ। ਇਸ ਲਈ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਦਾ ਲਾਹੇਵੰਦ ਭਾਅ ਲੈਣ ਲਈ ਆਪਣੀ ਝੋਨੇ ਦੀ ਫਸਲ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ।