ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਉਮੀਦਵਾਰਾਂ ਵੱਲੋਂ ਵੱਡੇ ਪੱਧਰ ਉੱਤੇ ਚੋਣ ਪ੍ਰਚਾਰ ਅਰੰਭਿਆ ਗਿਆ ਹੈ ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਦਾ ਲਗਾਤਾਰ ਸ਼ਾਂਤਮਈ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਜਨਸਭਾ ਨੂੰ ਸੰਬੋਧਨ ਕਰਨ ਪਹੁੰਚੀ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ
ਜਬਰਦਸਤ ਧੱਕਾ ਮੁੱਕੀ: ਪੁਲਿਸ ਵੱਲੋਂ ਇਸ ਵਿਰੋਧ ਦੇ ਚੱਲਦਿਆਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਦੀ ਤਾਇਨਾਤੀ ਕੀਤੀ ਗਈ ਸੀ। ਸਮਾਗਮ ਵਾਲੀ ਥਾਂ ਉੱਤੇ ਕਿਸਾਨਾਂ ਨੂੰ ਜਾਣ ਤੋਂ ਰੋਕਣ ਲਈ ਵੱਡੀ ਪੱਧਰ ਉੱਤੇ ਬੈਰੀਕੇਟਿੰਗ ਕੀਤੀ ਗਈ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਗਰੁੱਪ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਮੌੜ ਮੰਡੀ ਵਿਖੇ ਪਹੁੰਚ ਕੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਦੌਰਾਨ ਅੱਗੇ ਵੱਧ ਰਹੇ ਕਿਸਾਨਾਂ ਵੱਲੋਂ ਜਿੱਥੇ ਪੁਲਿਸ ਦੇ ਬੈਰੀਗੇਟ ਤੋੜ ਦਿੱਤੇ ਗਏ ਉੱਥੇ ਹੀ ਪੁਲਿਸ ਅਤੇ ਕਿਸਾਨਾਂ ਵਿਚਕਾਰ ਜਬਰਦਸਤ ਧੱਕਾ ਮੁੱਕੀ ਹੋਈ।
ਲੱਥੀਆਂ ਪੱਗਾਂ:ਇਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ ਪਰ ਉਹਨਾਂ ਵੱਲੋਂ ਭਾਜਪਾ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਅਤੇ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਜਪਾ ਉਮੀਦਵਾਰਾਂ ਦਾ ਇਸੇ ਤਰ੍ਹਾਂ ਵਿਰੋਧ ਕਰਦੇ ਰਹਿਣਗੇ ਕਿਉਂਕਿ ਕਿਸਾਨ ਅੰਦੋਲਨ ਦੌਰਾਨ ਮੰਨਿਆ ਹੋਈਆਂ ਮੰਗਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਨਹੀਂ ਕੀਤੀਆਂ ਗਈਆਂ ਅਤੇ ਨਾ ਹੀ ਲਖਮੀਰਪੁਰ ਖੀਰੀ ਘਟਨਾ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਕੀਤੀ ਗਈ ਹੈ। ਜਿਸ ਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਸ਼ਾਂਤਮਈ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਦਾ ਵੀ ਕਰਾਂਗੇ ਵਿਰੋਧ:ਦੂਜੇ ਪਾਸੇ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਵੀ ਭੜਾਸ ਕੱਢੀ। ਉਨ੍ਹਾਂ ਆਖਿਆ ਕਿ ਪੁਲਿਸ ਨੇ ਅੱਜ ਜਬਰ ਦੀਆਂ ਹੱਦਾਂ ਪਾਰ ਕਰਦਿਆਂ ਕਿਸਾਨਾਂ ਦੀਆਂ ਪੱਗਾਂ ਲਾਹੀਆਂ ਹਨ ਅਤੇ ਇਸ ਦਾ ਜਵਾਬ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦੀ ਧੱਕੇਸ਼ਾਹੀ ਇਸੇ ਤਰ੍ਹਾਂ ਜਾਰੀ ਰਾਹੀ ਤਾਂ ਉਹ ਆਪ ਦੇ ਉਮੀਦਵਾਰਾਂ ਦਾ ਵੀ ਪਿੰਡਾਂ ਵਿੱਚ ਪ੍ਰਚਾਰ ਲਈ ਵੜਨਾ ਮੁਸ਼ਕਿਲ ਕਰ ਦੇਣਗੇ।