ਅੰਮ੍ਰਿਤਸਰ:ਇੱਕ ਪਾਸੇ ਸਰਕਾਰ ਦਾ ਦਾਅਵਾ ਹੈ ਕਿ ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੀਕ ਹੈ ਤਾਂ ਦੂਜੇ ਪਾਸੇ ਸਰਕਾਰ ਦੇ ਬੰਦਿਆਂ 'ਤੇ ਹੀ ਜਾਨਲੇਵਾ ਹਮਲੇ ਹੋ ਰਹੇ ਹਨ। ਜਿਸ ਨਾਲ ਸਰਕਾਰ ਦੇ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵੇ ਖੋ੍ਹਲੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ, ਜਿਥੇ ਕਿ ਘੱਟ ਗਿਣਤੀ ਕਮਿਸ਼ਨ ਦੇ ਆਗੂ ਸੁਭਾਸ਼ ਥੋਬਾ 'ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਉਹਨਾਂ ਦੇ ਘਰ ਦੇ ਬਾਹਰ ਖੜੀ ਉਹਨਾਂ ਦੀ ਗੱਡੀ ਦੀ ਵੀ ਭੰਨ ਤੋੜ ਕੀਤੀ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ: ਉਥੇ ਹੀ ਇਸ ਮੌਕੇ ਸੁਭਾਸ਼ ਥੋਬਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਬਤੌਰ ਮੈਂਬਰ ਘੱਟ ਗਿਣਤੀ ਕਮਿਸ਼ਨ ਦਾ ਕੰਮ ਕਰਦੇ ਹਨ ਅਤੇ ਕੁਝ ਅਣਪਛਾਤੇ ਬੰਦਿਆਂ ਵਲੋਂ ਉਨ੍ਹਾਂ ਦੇ ਘਰ ਦੇ ਬਾਹਰ ਹਮਲਾ ਕਰ ਦਿੱਤਾ ਗਿਆ। ਜਿਸ 'ਚ ਉਨ੍ਹਾਂ ਦੇ ਵਾਹਨ ਅਤੇ ਹੋਰ ਕੀਮਤ ਸਮਾਨ ਨੁਕਸਾਨੇ ਗਏ। ਉਨ੍ਹਾਂ ਦੱਸਿਆ ਕਿ ਹਮਲਾ ਕਰਨ ਵਾਲਿਆਂ ਦੀ ਗਿਣਤੀ 20 ਤੋਂ 25 ਹੋਵੇਗੀ, ਜਿੰਨ੍ਹਾਂ ਵਲੋਂ ਜਿਆਦਾਤਰ ਨੌਜਵਾਨਾਂ ਨੇ ਮੂੰਹ ਬੰਨਿਆ ਹੋਇਆ ਸੀ ਤੇ ਉਨ੍ਹਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਦੇ ਨਾਲ ਹੀ ਪੀੜਤ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਧਮਕੀ ਭਰੇ ਫੋਨ ਆ ਚੁੱਕੇ ਹਨ, ਜਿਸ ਸਬੰਧੀ ਉਨ੍ਹਾਂ ਪੁਲਿਸ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ ਸੀ।