ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਵੱਲੋਂ ਅਨਾਜ ਮੰਡੀ ਸਰਹਿੰਦ ਅਤੇ ਚਨਾਰਥਲ ਦਾ ਦੌਰਾ ਕੀਤਾ ਗਿਆ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਡੀਸੀ ਫਤਿਹਗੜ੍ਹ ਸਾਹਿਬ ਨੇ ਮੰਡੀਆਂ ਦਾ ਲਿਆ ਜਾਇਜ਼ਾ (ETV Bharat (ਪੱਤਰਕਾਰ , ਫਤਿਹਗੜ੍ਹ ਸਾਹਿਬ)) ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 89,781 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਅੱਜ ਸ਼ਾਮ ਤੱਕ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਪ੍ਰਕਿਰਿਆ 'ਤੇ ਉਨ੍ਹਾਂ ਵੱਲੋਂ ਨਜ਼ਰ ਰੱਖਣਗੀ।
10 ਸ਼ੈਲਰਾਂ ਵਿੱਚੋਂ ਪੰਜ ਸ਼ੈਲਰਾਂ ਨੂੰ ਅਲਾਟਮੈਂਟ ਹੋ ਚੁੱਕੀ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2,32,797 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 2,17,226 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 474. 28 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਅਨਾਜ ਮੰਡੀ ਚਨਾਰਥਲ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਨਾਰਥਲ ਮੰਡੀ ਵਿੱਚ ਪਹਿਲਾਂ ਪਹਿਲਾਂ ਸਾਰੇ ਸੈਲਰਾਂ ਵੱਲੋਂ ਲਿਫਟਿੰਗ ਸਬੰਧੀ ਅੱਗੇ ਨਾ ਆਉਣ ਕਾਰਨ ਲਿਫਟਿੰਗ ਸਬੰਧੀ ਪਰੇਸ਼ਾਨੀ ਆਈ ਸੀ। ਪ੍ਰੰਤੂ ਹੁਣ ਇਸ ਖੇਤਰ ਦੇ 10 ਸ਼ੈਲਰਾਂ ਵਿੱਚੋਂ ਪੰਜ ਸ਼ੈਲਰਾਂ ਨੂੰ ਅਲਾਟਮੈਂਟ ਹੋ ਚੁੱਕੀ ਹੈ ਅਤੇ ਬਾਕੀ ਸਬੰਧੀ ਕਰਵਾਈ ਅੱਜ ਕਰ ਲਈ ਜਾਵੇਗੀ।
ਕਿਸਾਨਾਂ ਦੀ ਸਹੂਲਤ ਦੇ ਪੁਖਤਾ ਇੰਤਜ਼ਾਮ ਕੀਤੇ
ਡਾ. ਸੋਨਾ ਥਿੰਦ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਆੜ੍ਹਤੀਆ ਐਸੋਸ਼ੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਕਿਹਾ ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਹੈ ਕਿਉਂਕਿ ਲਿਫਟਿੰਗ ਬਹੁਤ ਹੌਲੀ ਚੱਲ ਰਹੀ ਹੈ। ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਜਰੂਰਤ ਹੈ।