ਮਾਨਸਾ: ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਹੋ ਰਹੀਆਂ ਹਨ, ਹਰ ਕੋਈ ਆਪਣੇ ਅਧਿਕਾਰ ਦਾ ਇਸਤੇਮਾਲ ਕਰ ਰਿਹਾ ਹੈ। ਉੱਥੇ ਹੀ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਵੀ ਪਿੰਡ ਮੂਸਾ ਦੇ ਸਕੂਲ ਵਿੱਚ ਆਪਣੀ ਵੋਟ ਦਾ ਭੁਗਤਾਨ ਕੀਤਾ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ, ਬਹੁਤ ਹੀ ਵਧੀਆ ਅਮਨ ਸ਼ਾਂਤੀ ਦੇ ਨਾਲ ਵੋਟਿੰਗ ਹੋ ਰਹੀ ਹੈ।
ਆਪਣੀ ਗੱਲ ਜਾਰੀ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਮਨ ਸ਼ਾਂਤੀ ਅਤੇ ਵਾਤਾਵਰਨ ਨੂੰ ਦੇਖਦੇ ਹੋਏ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਕਿਤੇ ਵੀ ਲਾਅ ਇਨ ਆਰਡਰ ਨਹੀਂ ਦਿਖ ਰਿਹਾ, ਕਿਉਂਕਿ ਲਗਾਤਾਰ ਗੈਂਗਸਟਰਾਂ ਵੱਲੋਂ ਫਿਰੌਤੀਆਂ-ਕਤਲ ਕੀਤੇ ਜਾ ਰਹੇ ਹਨ ਅਤੇ ਉਹਨਾਂ ਗੈਂਗਸਟਰਾਂ ਨੂੰ ਕੋਈ ਸਜ਼ਾ ਨਹੀਂ ਮਿਲ ਰਹੀ, ਕਿਤੇ ਨਾ ਕਿਤੇ ਨਿਆਂ ਪ੍ਰਣਾਲੀ ਉਤੇ ਵੀ ਇਹਨਾਂ ਲੋਕਾਂ ਦਾ ਬੁਰਾ ਪ੍ਰਭਾਵ ਪੈ ਰਿਹਾ ਹੈ।
ਉਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਵੀ ਕਿਹਾ ਕਿ ਇਹਨਾਂ ਗੈਂਗਸਟਰਾਂ ਉਤੇ 100 ਤੋਂ ਜਿਆਦਾ ਪਰਚੇ ਦਰਜ ਹਨ ਪਰ ਉਹਨਾਂ ਉਤੇ ਕੋਈ ਸਖਤ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੂੰ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਹੋਈ ਹੈ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਿਸ਼ਵਾਸ ਵੀ ਦਿੱਤਾ ਹੈ ਕਿ ਜੇਕਰ ਉਹ ਪਾਵਰ ਦੇ ਵਿੱਚ ਆ ਜਾਂਦੇ ਹਨ ਤਾਂ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿੱਤਾ ਜਾਵੇਗਾ।
ਉਲੇਖਯੋਗ ਹੈ ਕਿ ਬੀਤੀ 29 ਮਈ ਨੂੰ ਮਰਹੂਮ ਗਾਇਕ ਦਾ ਕਤਲ ਹੋਏ ਨੂੰ ਦੋ ਸਾਲ ਹੋ ਗਏ ਹਨ, ਗਾਇਕ ਦੀ ਦੂਜੀ ਬਰਸੀ ਉਤੇ ਗਾਇਕ ਦੀ ਮਾਂ ਚਰਨ ਕੌਰ ਨੇ ਕਾਫੀ ਭਾਵੁਕ ਪੋਸਟ ਸਾਂਝੀ ਕੀਤੀ ਸੀ, ਜਿਸ ਨੇ ਗਾਇਕ ਦੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਸਨ।