ਸਹੁੰ ਚੁੱਕ ਸਮਾਗਮ ਦੌਰਾਨ ਪਰਿਵਾਰ ਨੂੰ ਨਹੀਂ ਮਿਲ ਸਕਣਗੇ ਅੰਮ੍ਰਿਤਪਾਲ ਸਿੰਘ (ETV Bharat Taran Taran) ਅੰਮ੍ਰਿਤਸਰ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅੰਮ੍ਰਿਤਪਾਲ ਸਿੰਘ ਕੱਲ੍ਹ 5 ਜੁਲਾਈ ਨੂੰ ਲੋਕ ਸਭਾ ਦੇ ਵਿੱਚ ਸਹੁੰ ਚੁੱਕਣ ਜਾ ਰਹੇ ਹਨ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਹੀ ਸਾਡੇ ਨਾਲ ਗੱਲਬਾਤ ਕਰਦਿਆਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਦੱਸਿਆ ਗਿਆ ਸੀ ਕਿ ਫਿਲਹਾਲ ਉਨ੍ਹਾਂ ਨੂੰ ਅਧਿਕਾਰਤ ਤੌਰ ਉੱਤੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਸੱਦਾ ਪੱਤਰ ਸਰਕਾਰ ਨੇ ਉਨ੍ਹਾਂ ਨੂੰ ਦਿੱਤਾ ਹੈ।
ਅੱਜ (4 ਜੁਲਾਈ) ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਦਾਰ ਤਰਸੇਮ ਸਿੰਘ, ਚਾਚਾ ਸੁਖਚੈਨ ਸਿੰਘ ਛੇ ਤੋਂ ਸੱਤ ਸਿੰਘਾਂ ਦੇ ਜੱਥੇ ਦੇ ਨਾਲ ਦਿੱਲੀ ਨੂੰ ਰਵਾਨਾ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਜਾਣਕਾਰੀ ਸਾਹਮਣੇ ਆਈ ਹੈ ਕਿ ਪਿਤਾ ਸਰਦਾਰ ਤਰਸੇਮ ਸਿੰਘ ਦਿੱਲੀ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਮੁਲਾਕਾਤ ਕਰਨਗੇ।
ਇਸ ਦੌਰਾਨ ਜਦੋਂ ਅਸੀਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੰਮ੍ਰਿਤਪਾਲ ਸਿੰਘ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕਣ ਜਾ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਤਕਰਾ ਕਰਦੇ ਹੋਏ ਸਹੁੰ ਚੁੱਕ ਸਮਾਗਮ ਦੇ ਵਿੱਚ ਲੰਬਾ ਸਮਾਂ ਦੇਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੇ ਵਿੱਚ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਨਾ ਦੇਣਾ ਸਰਕਾਰ ਦਾ ਗਲਤ ਫੈਸਲਾ ਹੈ।
ਉਲੇਖਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਸਮੇਤ ਹੋਰਨਾਂ ਵੱਖ-ਵੱਖ ਆਗੂਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਦੇ ਉੱਤੇ ਦਿੱਤੇ ਗਏ ਬਿਆਨਾਂ ਦਾ ਜ਼ਿਕਰ ਕਰਨ ਉਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਨਾਲ ਧੱਕੇਸ਼ਾਹੀ ਨਹੀਂ ਕਰਨੀ ਚਾਹੀਦੀ ਹੈ, ਬਲਕਿ ਜਦੋਂ ਉਹ ਹੁਣ ਸੰਵਿਧਾਨ ਦੀ ਸਹੁੰ ਚੁੱਕ ਰਹੇ ਹਨ ਤਾਂ ਸਰਕਾਰ ਨੂੰ ਇਸ ਦੇ ਉੱਤੇ ਗਹਿਰਾਈ ਦੇ ਨਾਲ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਨੂੰ ਪੱਕੇ ਤੌਰ ਦੇ ਉੱਤੇ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਸੇਵਾ ਕਰ ਸਕਣ।