ਦੋ ਧਿਰਾਂ ਚ ਚੱਲੇ ਇੱਟਾਂ ਰੋੜੇ (ETV Bharat) ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਹੁਣ ਇੱਕ ਹੋਰ ਮਾਮਲਾ ਫਿਰੋਜਪੁਰ ਦੇ ਪਿੰਡ ਲੂੰਬੜੀ ਵਾਲਾ ਮਰਲਿਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਬੱਚਿਆਂ ਦੇ ਵਿਵਾਦਾਂ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਇੱਕ-ਦੂਜੇ 'ਤੇ ਇੱਟਾ ਰੋੜੇ ਵੀ ਚਲਾਏ ਗਏ।
ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ: ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਚਿਆਂ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵੱਲੋਂ ਇੱਕ-ਦੂਜੇ 'ਤੇ ਇੱਟਾਂ ਰੋੜੇ ਅਤੇ ਕਿਰਪਾਨਾਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜ ਤੋਂ ਛੇ ਲੋਕ ਜਖਮੀ ਦੱਸੇ ਜਾ ਰਹੇ ਹਨ।
ਪੁਲਿਸ ਨੇ ਮੁਕੱਦਮਾ ਕੀਤਾ ਦਰਜ: ਮੌਕੇ 'ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਵਿੱਚ 11 ਮੁਲਜ਼ਮਾਂ ਦੇ ਖਿਲਾਫ ਥਾਣਾ ਸਦਰ ਵਿੱਚ ਅਲੱਗ-ਅਲੱਗ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਪੀੜਤ ਰਾਜੂ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਰਾਜੂ ਅਤੇ ਉਸ ਦੇ ਸਾਥੀਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਦੂਜੀ ਧਿਰ ਦੇ ਵਿਅਕਤੀਆਂ ਵੱਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਅਤੇ ਇੱਟਾਂ ਰੋੜੇ ਮਾਰੇ ਗਏ। ਇਸ ਘਟਨਾ ਤੋਂ ਕਈ ਦਿਨ ਬਾਅਦ ਪੁਲਿਸ ਹਰਕਤ ਵਿੱਚ ਆਈ ਹੈ ਅਤੇ ਉਨ੍ਹਾਂ ਨੇ ਆਰੋਪੀਆਂ ਨੂੰ ਜਲਦ ਫੜਨ ਦੀ ਗੱਲ ਵੀ ਕਹੀ ਹੈ।
ਬੱਚਿਆਂ ਨੂੰ ਲੈ ਕੇ ਹੋਇਆ ਝਗੜਾ: ਇਸ ਸਬੰਧੀ ਜਦੋਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਦੱਸਿਆ ਕਿ ਜਦੋਂ ਗਲੀ ਵਿੱਚੋਂ ਬੱਚੇ ਲੰਘ ਰਹੇ ਸੀ, ਤਾਂ ਗੁਆਂਢੀਆਂ ਨੇ ਬੱਚਿਆਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਜਦੋ ਗੁਆਂਢੀਆਂ ਨੂੰ ਰੋਕਿਆ ਗਿਆ, ਤਾਂ ਇਨ੍ਹਾਂ ਨੇ ਛੱਤ 'ਤੇ ਚੜ ਕੇ ਸਾਡੇ ਘਰ 'ਤੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ ਅਤੇ ਘਰ ਦੇ ਸਮਾਨ ਦੀ ਵੀ ਭੰਨਤੋੜ ਕਰ ਦਿੱਤੀ। ਇਸਦੇ ਨਾਲ ਹੀ, ਪਾਣੀ ਵਾਲੀ ਟੈਂਕੀ ਤੱਕ ਤੋੜ ਦਿੱਤੀ ਅਤੇ ਕਿਰਪਾਨਾਂ ਨਾਲ ਵੀ ਹਮਲਾ ਕੀਤਾ ਗਿਆ, ਜਿਸ ਦੌਰਾਨ ਪੰਜ ਤੋਂ ਛੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪਰਿਵਾਰ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਆ ਕੇ ਸਾਨੂੰ ਘਰਾਂ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਜਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਹੁਣ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।