ਚੰਡੀਗੜ੍ਹ:ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।