ਪੰਜਾਬ

punjab

ETV Bharat / state

40 ਹਜ਼ਾਰ ਰਿਸ਼ਵਤ ਲੈਂਦਾ ਫਾਇਰ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਐੱਨਓਸੀ ਦੇਣ ਬਦਲੇ ਮੰਗੀ ਸੀ ਰਿਸ਼ਵਤ - Fire officer arrested - FIRE OFFICER ARRESTED

ਬਰਨਾਲਾ ਵਿੱਚ ਵਿਜੀਲੈਂਸ ਵਿਭਾਗ ਨੇ ਐੱਨਓਸੀ ਦੇਣ ਬਦਲੇ ਰਿਸ਼ਵਤ ਦੀ ਮੰਗ ਕਰਨ ਵਾਲੇ ਫਾਇਰ ਅਫਸਰ ਨੂੰ ਗ੍ਰਿਫ਼ਤਾਰ ਕੀਤਾ ਹੈ।

Fire officer arrested
40 ਹਜ਼ਾਰ ਰਿਸ਼ਵਤ ਲੈਂਦਾ ਫਾਇਰ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ (ETV BHARAT PUNJAB (ਰਿਪੋਟਰ,ਬਰਨਾਲਾ))

By ETV Bharat Punjabi Team

Published : Oct 5, 2024, 7:35 AM IST

ਬਰਨਾਲਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਐੱਨਓਸੀ ਦੇਣ ਬਦਲੇ ਮੰਗੀ ਸੀ ਰਿਸ਼ਵਤ (ETV BHARAT PUNJAB (ਰਿਪੋਟਰ,ਬਰਨਾਲਾ))

ਐੱਨਓਸੀ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ
ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਮੁਲਜ਼ਮ ਅਫਸਰ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।

ਜਾਲ ਵਿਛਾ ਕੇ ਰੰਗੇ ਹੱਥੀਂ ਕੀਤਾ ਕਾਬੂ
ਵਿਜੀਲੈਂਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਦੱਸ ਦਈਏ ਬੀਤੇ ਦਿਨੀ ਵਿਜੀਲੈਂਸ ਨੇ ਨਗਰ ਨਿਗਮ ਲੁਧਿਆਣਾ ਦੇ 2 ਕਲਰਕਾਂ ਅਜੈ ਕੁਮਾਰ, ਕਲਰਕ, ਲਾਅ ਬ੍ਰਾਂਚ, ਜ਼ੋਨ-ਏ ਅਤੇ ਲਖਵੀਰ ਸਿੰਘ, ਕਲਰਕ, ਤਿਹ ਬਾਜ਼ਾਰ, ਜ਼ੋਨ-ਸੀ ਨੂੰ ਕਾਬੂ ਕੀਤਾ ਸੀ। ਉਹ ਕਾਰਪੋਰੇਸ਼ਨ ਦਾ ਪਾਲਿਸੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਪਾਏ ਗਏ ਸਨ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਲੁਧਿਆਣਾ ਰੇਂਜ ਦੇ ਐੱਸ ਐੱਸ ਪੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ABOUT THE AUTHOR

...view details