ਫਿਰੋਜ਼ਪੁਰ :ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਉਨ੍ਹਾਂ ਨੇ ਆਪ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਪਿੰਡ ਸ਼ੇਰਖਾਂ ਨੇੜੇ ਉਨ੍ਹਾਂ ਦੀ ਗੱਡੀ ਉੱਤੇ ਗੋਲੀਬਾਰੀ ਹੋਈ ਹੈ। ਸਾਬਕਾ ਵਿਧਾਇਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਘਟਨਾ ਵੇਲੇ ਆਪਣੀ ਕਾਰ ਵਿੱਚ ਇੱਕ ਦੋਸਤ ਦੇ ਘਰੋਂ ਵਾਪਿਸ ਆ ਰਹੇ ਸਨ ਤਾਂ ਉਨ੍ਹਾਂ ਮਹਿਸੂਸ ਕੀਤਾ ਕਿ ਕੋਈ ਉਨ੍ਹਾਂ ਦੀ ਕਾਰ ਦਾ ਪਿੱਛਾ ਕਰ ਰਿਹਾ ਸੀ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ 'ਤੇ ਛੇ ਦੇ ਕਰੀਬ ਰਾਊਂਡ ਫਾਇਰ ਕੀਤੇ।
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Etv Bharat) ਸੀਸੀਟੀਵੀ 'ਚ ਨਜ਼ਰ ਆਈ ਹਮਲਾਵਰਾਂ ਦੀ ਕਾਰ
ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਲਬੀਰ ਜ਼ੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ। ਇਸ ਕਾਰ ਵਿੱਚ ਸਵਾਰ ਲੋਕਾਂ ਵੱਲੋਂ ਹੀ ਫਾਇਰਿੰਗ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਗੋਲੀ ਕਿਸੇ ਨੂੰ ਨਹੀਂ ਲੱਗੀ ਅਤੇ ਕਿਸੇ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਥੇ ਹੀ ਕੁਲਬੀਰ ਜ਼ੀਰਾ ਨੇ ਕਿਹਾ ਕਿ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਇਹਨੀਂ ਦਿਨੀਂ ਪੰਜਾਬ ਵਿੱਚ ਕਈ ਥਾਵਾਂ ਉੱਤੇ ਫਾਇਰਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨੂੰ ਲੈਕੇ ਪੁਲਿਸ ਵੱਲੋਂ ਸਖ਼ਤੀ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਬਾਵਜੂਦ ਇਸ ਦੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜੀ
ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਫ਼ਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ। ਉਹ ਕਾਂਗਰਸ ਦੇ ਸੀਨੀਅਰ ਮੈਂਬਰ ਹਨ। ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਵਿਰੁੱਧ ਲੋਕ ਸਭਾ ਚੋਣ ਲੜੀ ਸੀ। ਹਾਲਾਂਕਿ ਇਹਨਾਂ ਚੋਣਾਂ 'ਚ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਇਸ ਤੋਂ ਇਲਾਵਾ ਜੂਨ ਮਹੀਨੇ ਵਿੱਚ ਜਾਇਦਾਦ ਦੇ ਝਗੜੇ ਵਿੱਚ ਵੀ ਉਨ੍ਹਾਂ 'ਤੇ ਗੋਲੀਬਾਰੀ ਹੋਈ ਸੀ। ਇਸ ਤੋਂ ਇਲਾਵਾ ਲੰਘੇ ਸਾਲ ਪੰਚਾਇਤੀ ਚੋਣਾਂ ਦੌਰਾਨ ਵੀ ਉਨ੍ਹਾਂ 'ਤੇ ਹਮਲਾ ਹੋਇਆ ਸੀ, ਜਿਸ 'ਚ ਉਹ ਜ਼ਖ਼ਮੀ ਵੀ ਹੋਏ ਸਨ।