ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹੁਣ ਤੱਕ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਕਮੇਟੀ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸੌਂਪੀ ਗਈ।
ਪੰਜ ਮੈਂਬਰੀ ਕਮੇਟੀ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੂਰੀ ਵੱਲੋਂ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੌਕੇ 'ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਜੋ ਹੁਕਮ ਕਰਨਗੇ, ਭਰਤੀ ਪ੍ਰਕਿਰਿਆ ਉਸ ਤਰ੍ਹਾਂ ਹੀ ਇਨ ਬਿਨ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੇ ਫੈਸਲੇ ਫਸੀਲ ਤੋਂ ਲਏ ਗਏ ਸਨ, ਉਹ ਹੁਕਮਨਾਮੇ ਜਾਰੀ ਰਹਿਣਗੇ।
ਜਥੇਦਾਰ ਸਾਹਿਬ ਦੇ ਹੁਕਮਾਂ ਦੀ ਹੋਵੇਗੀ ਪਾਲਣਾ
ਦੱਸਣਯੋਗ ਹੈ ਕਿ ਇਹ ਬੈਠਕ ਤਕਰੀਬਨ ਇੱਕ ਘੰਟੇ ਦੇ ਕਰੀਬ ਚੱਲੀ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਜਾਣੂ ਕਰਾਇਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਅਤੇ ਉਹ ਭਰਤੀ ਆਪਣੇ ਤੌਰ ’ਤੇ ਹੀ ਕਰਨਾ ਚਾਹੁੰਦੇ ਹਨ।
ਜਥੇਦਾਰ ਨਾਲ ਬੈਠਕ ਉਪਰੰਤ ਕਮੇਟੀ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਉਹ ਸ਼੍ਰੀ ਅਕਾਲ ਤਖ਼ਤ ਵੱਲੋਂ ਜਾਰੀ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਵਾਸਤੇ ਜਥੇਦਾਰ ਨੂੰ ਮਿਲੇ ਹਨ। ਜਥੇਦਾਰ ਨੂੰ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਮੇਟੀ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਹੁਣ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਅਗਲਾ ਆਦੇਸ਼ ਦਿੱਤਾ ਜਾਵੇਗਾ, ਕਮੇਟੀ ਮੈਂਬਰ ਉਸ ਮੁਤਾਬਿਕ ਕੰਮ ਕਰਨਗੇ।