ਹਰਸਿਮਰਤ ਬਾਦਲ ਦਾ ਕੇਜਰੀਵਾਲ 'ਤੇ ਨਿਸ਼ਾਨਾ (ਈਟੀਵੀ ਭਾਰਤ ਪੱਤਰਕਾਰ) ਮਾਨਸਾ:ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਅਤੇ ਮਾਨਸਾ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਮੰਤਰੀ ਤੇ ਵਿਧਾਇਕ ਆਪ ਵਲੋਂ ਚੋਣ ਪ੍ਰਚਾਰ ਕਰ ਰਹੇ ਹਨ। ਬੀਬੀ ਬਾਦਲ ਨੇ ਅਰਵਿੰਦ ਕੇਜਰੀਵਾਲ ਵਲੋਂ ਚੋਣ ਪ੍ਰਚਾਰ ਕਰਨ ਉੱਤੇ ਵੀ ਸਵਾਲ ਖੜੇ ਕੀਤੇ। ਜਿਸ ਕਾਂਗਰਸ ਨੇ ਕੇਜਰੀਵਾਲ ਉੱਤੇ ਇਲਜ਼ਾਮ ਲਾਏ ਸੀ, ਹੁਣ ਕੁਰਸੀ ਕਰਕੇ ਇੱਕ ਹੋਏ ਹਨ ਅਤੇ ਭਾਈਵਾਲੀ ਬਣੀ ਫਿਰਦੇ ਹਨ।
ਪੰਜਾਬ ਦੇ ਲੋਕਾਂ ਨਾਲ ਧੋਖਾ:ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਸਾਰੀਆਂ ਹੀ ਪਾਰਟੀਆਂ ਮਿਲ ਕੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਹੱਕਾਂ ਨੂੰ ਖ਼ਤਮ ਕਰਨ ਉੱਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਪਾਰਟੀਆਂ ਪੰਜਾਬ ਦਾ ਪਾਣੀ ਪੰਜਾਬ ਦੇ ਲੋਕਾਂ ਤੋਂ ਖੋਹ ਕੇ ਹੋਰ ਰਾਜਾਂ ਨੂੰ ਦੇਣਾ ਚਾਹੁੰਦੀਆਂ ਹਨ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ।
ਭ੍ਰਿਸ਼ਟਾਚਾਰ ਮੰਤਰੀ ਕਰ ਰਹੇ ਚੋਣ ਪ੍ਰਚਾਰ:ਹਰਸਿਮਰਤ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਖੜਾ ਹੈ ਅਤੇ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਖ਼ਤਮ ਕਰਨ ਦੀਆਂ ਗੱਲਾਂ ਕਰਦੇ ਸਨ, ਪਰ ਅੱਜ ਮੰਤਰੀ ਨੂੰ ਜਿਨਾਂ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਜੇਲ ਭੇਜਿਆ ਸੀ ਅੱਜ ਉਨ੍ਹਾਂ ਤੋਂ ਹੀ ਪ੍ਰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਜੇਲ੍ਹ ਭੇਜਿਆ ਅਤੇ ਮੰਤਰੀ ਅਹੁਦੇ ਤੋਂ ਬਰਖਾਸਤ ਕੀਤਾ, ਪਰ ਅੱਜ ਤੱਕ ਭ੍ਰਿਸ਼ਟਾਚਾਰ ਦੇ ਜੋ ਸਬੂਤ ਲੋਕਾਂ ਦੇ ਸਾਹਮਣੇ ਪੇਸ਼ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਇਨ੍ਹਾਂ ਕੋਲੋਂ ਚੋਣ ਪ੍ਰਚਾਰ ਵੀ ਕਰਵਾਇਆ ਜਾ ਰਿਹਾ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿੰਦੂ ਵਿਰੋਧੀ ਹੈ, ਜਿਨ੍ਹਾਂ ਨੇ ਹਿੰਦੂਆਂ ਦੇ ਨਾਲ ਧੋਖਾ ਕੀਤਾ ਹੈ, ਕਿਉਂਕਿ ਡਾਕਟਰ ਵਿਜੇ ਸਿੰਘਲਾ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ, ਪਰ ਅੱਜ ਤੱਕ ਲੋਕਾਂ ਦੇ ਸਾਹਮਣੇ ਨਹੀਂ ਲਿਆਂਦਾ ਕਿ ਉਨ੍ਹਾਂ ਉੱਤੇ ਭ੍ਰਿਸ਼ਟਾਚਾਰ ਦੇ ਦੋਸ਼ ਕਿਸ ਤਰ੍ਹਾਂ ਦੇ ਲੱਗੇ ਸਨ।