ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ:ਪੰਜਾਬ ਵਿੱਚ ਵੱਧ ਰਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਹਨਾਂ ਦੀ ਬਰੀਕੀ ਦੇ ਨਾਲ ਪੁੱਛ ਗਿੱਛ ਕਰਕੇ ਚੈਕਿੰਗ ਕੀਤੀ ਜਾਂਦੀ ਹੈ, ਪਰ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੈਰੀ ਚੱਠਾ ਦੇ ਸਾਥੀ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।
ਪੁਲਿਸ ਨੂੰ ਚਕਮਾ ਦੇਣ ਦੀ ਕੀਤੀ ਕੋਸ਼ਿਸ਼: ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੋਹਕਮਪੁਰਾ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦੇ ਸਾਥੀ ਗੁਰਪ੍ਰੀਤ ਸਿੰਘ ਗੋਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਦੀ ਗੱਡੀ ਦੇ ਨਾਲ ਵੀ ਟੱਕਰ ਮਾਰੀ ਅਤੇ ਪੁਲਿਸ ਮੁਲਾਜ਼ਮਾਂ ਦੇ ਉੱਪਰ ਗੱਡੀ ਚਾੜ ਕੇ ਉਹਨਾਂ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਘੇਰੇਬੰਦੀ ਦੇ ਨਾਲ ਇਸ ਦਾ ਪਿੱਛਾ ਕਰਦੇ ਹੋਏ ਦੇਰ ਰਾਤ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਫਤਾਰ ਕੀਤਾ ਹੈ।
ਕਈ ਅਪਰਾਧਿਕ ਮਾਮਲੇ ਨੇ ਦਰਜ: ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਗੈਂਗਸਟਰ ਹੈਰੀ ਚੱਠਾ ਦਾ ਸਾਥੀ ਹੈ ਅਤੇ ਇਸ ਦੇ ਉੱਪਰ 15 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਵੱਲੋਂ ਇਸਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਤੇ ਇਸ ਦੇ ਖਿਲਾਫ ਹੋਰ ਵੀ ਕਿਸੇ ਮਾਮਲੇ ਚੋਂ ਭਗੌੜਾ ਤੇ ਨਹੀਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਮੁੱਢਲੀ ਕਾਰਵਾਈ ਦੇ ਵਿੱਚ ਇਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ: ਕਾਬਿਲੇਗੌਰ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰਾਂ ਦੇ ਖਿਲਾਫ ਮੁਹਿੰਮ ਛੇੜੀ ਹੋਈ ਹੈ ਅਤੇ ਲਗਾਤਾਰ ਹੀ ਗੈਂਗਸਟਰਾਂ ਨੂੰ ਫੜਨ ਵਾਸਤੇ ਪੰਜਾਬ ਪੁਲਿਸ ਵੱਲੋਂ ਜਗ੍ਹਾ-ਜਗ੍ਹਾ 'ਤੇ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਹੀ ਅੰਮ੍ਰਿਤਸਰ ਦੇ ਵਿੱਚ ਵੀ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਜਾਣਕਾਰੀ ਸੀ ਕਿ ਗੁਰਪ੍ਰੀਤ ਸਿੰਘ ਗੋਲੀ ਜੋ ਕਿ ਅੰਮ੍ਰਿਤਸਰ ਵਾਲੇ ਪਾਸੇ ਨੂੰ ਆ ਰਿਹਾ ਹੈ ਅਤੇ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਨੂੰ ਲੈ ਕੇ ਪੁਲਿਸ ਵੱਲੋਂ ਇੱਕ ਟਰੈਪ ਲਗਾ ਕੇ ਗੁਰਪ੍ਰੀਤ ਸਿੰਘ ਗੋਲੀ ਨੂੰ ਗ੍ਰਿਫਤਾਰ ਕਰ ਲਿਆ ਹੈ।