ਅੰਮ੍ਰਿਤਸਰ:ਬੀਤੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਵਿਰਸਾ ਸਿੰਘ ਵਲਟੋਹਾ ਵਿਚਾਲੇ ਸ਼ਬਦੀ ਜੰਗ ਚੱਲਦੀ ਆ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਅਤੇ ਉਨ੍ਹਾਂ ਨੂੰ ਇੱਕ ਸਮਾਗਮ ਵਿੱਚ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ ਕਿ "ਸਾਡੇ ਵੱਲੋਂ ਇੱਕ ਦੂਜੇ ਵਿਰੁੱਧ ਕੀਤੀ ਬਿਆਨਬਾਜ਼ੀ ਦਾ ਤਮਾਸ਼ਾ ਸਿੱਖ ਵਿਰੋਧੀ ਲੋਕ ਵੇਖਦੇ ਹਨ ਅਤੇ ਮੈਂ ਨਹੀਂ ਚਾਹੁੰਦਾ ਕਿ ਅਸੀਂ ਇਸ ਤਮਾਸ਼ੇ ਦਾ ਹਿੱਸਾ ਬਣੀਏ। ਇਸ ਲਈ ਜੇਕਰ ਵਿਰਸਾ ਸਿੰਘ ਵਲਟੋਹਾ ਸਿਆਣੇ ਨਹੀਂ ਬਣਦੇ ਤਾਂ ਮੈਂ ਹੀ ਸਿਆਣਾ ਬਣ ਜਾਂਦਾ ਹਾਂ।"
ਸਿੱਖੀ ਸਿਧਾਂਤਾਂ 'ਤੇ ਪਹਿਰਾ ਦੇਣ ਦੀ ਲੋੜ
ਦੱਸਣਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਵਿਖੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਯਾਦ ਵਿੱਚ ਕਰਵਾਏ ਗਏ ਗੋਸ਼ਟੀ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਆਪਣੇ ਸੰਬੋਧਿਤ ਦੌਰਾਨ ਵਿਚਾਰ ਪ੍ਰਗਟ ਕੀਤੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਦਾ ਦਾਇਰਾ ਮਹਿਜ਼ ਸਜ਼ਾ ਤੱਕ ਸੀਮਤ ਕੀਤਾ ਜਾ ਰਿਹਾ ਹੈ ਜੋ ਕਿ ਗਲਤ ਹੈ।