ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫ਼ਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ 'ਅਕਾਲੀ ਦਲ ਦੇ ਦਫ਼ਤਰ ਵਿਚ ਜੋ ਕੁੱਝ ਹੋਇਆ ਹੈ, ਇੰਝ ਜਾਪਦਾ ਹੈ ਜਿਵੇਂ ਕੋਈ ਖੇਡ ਖੇਡੀ ਗਈ ਹੋਵੇ।
ਹੁਕਮਨਾਮੇ ਦੀ ਉਲੰਘਣਾ
ਵਡਾਲਾ ਨੇ ਕਿਹਾ ਕਿ ਅਸਤੀਫਾ ਬਹੁਤ ਪਹਿਲਾਂ ਮਨਜ਼ੂਰ ਕਰ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ, ‘‘ਜੋ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿਤਾ ਗਿਆ ਸੀ, ਉਸ ’ਤੇ ਕੁੱਝ ਦਿਨਾਂ ਦੀ ਮੋਹਲਤ ਮੰਗੀ ਗਈ ਸੀ। ਇਸ ਤੋਂ ਬਾਅਦ ਵੀ ਸਮਾਂ ਬੀਤ ਗਿਆ, ਹੁਣ ਜਾ ਕੇ ਅਸਤੀਫ਼ਾ ਮਨਜ਼ੂਰ ਕਰ ਕੇ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਹੈ। ਇਸ ਤਰ੍ਹਾਂ ਅਸਤੀਫਾ ਮਨਜ਼ੂਰ ਕਰਨ ਦਾ ਮਤਲਬ ਹੈ ਕਿ ਇਹਅਸਤੀਫਾਉਨ੍ਹਾਂ ਦੀ ਮਰਜ਼ੀ ਨਾਲ ਕੀਤਾ ਗਿਆ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਜ਼ੀ ਨਾਲ ਨਹੀਂ।’’
ਸਿਰਫ਼ ਬਾਦਲ ਦਾ ਅਸਤੀਫ਼ਾ ਮਨਜ਼ੂਰ!
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੋਰ ਵੀ ਕਈ ਅਸਤੀਫੇ ਮੰਗੇ ਸਨ ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ, ‘‘ਸਿਰਫ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੀ ਗੱਲ ਸੀ, ਪਰ ਉਸ ਨੂੰ ਪੂਰਾ ਤਾਂ ਕੀ ਕਰਨਾ ਸੀ, ਇਸ ’ਚ ਰੁਕਾਵਟਾਂ ਪਾ ਰਹੇ ਸਨ। ਇਸ ਤੋਂ ਸਪੱਸ਼ਟ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਨਾ ਕਰ ਕੇ ਹੁਕਮ ਦੀ ਉਲੰਘਣਾ ਕੀਤੀ ਗਈ ਹੈ।’’ ਹੁਣ ਦੇਖਣਾ ਹੋਵੇਗਾ ਕਿ ਜਿਹੜੇ ਬਾਕੀ ਮੈਂਬਰਾਂ ਦੇ ਅਸਤੀਫ਼ੇ ਨੇ ਉਹ ਅਕਾਲੀ ਦਲ ਵੱਲੋਂ ਕਦੋਂ ਪ੍ਰਵਾਨ ਕੀਤੇ ਜਾਣਗੇ?