ਚੰਡੀਗੜ੍ਹ: ਸੂਬੇ 'ਚ ਪੰਚਾਇਤੀ ਚੋਣਾਂ ਨੇ ਸਿਆਸੀ ਪਾਰਾ ਸਿਖਰਾਂ 'ਤੇ ਕੀਤਾ ਹੋਇਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
ਨਾਮਜ਼ਦਗੀ ਰੱਦ ਕਰਨ 'ਤੇ ਹਾਈਕੋਰਟ ਸਖ਼ਤ
ਇਸ ਦੌਰਾਨ ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਹਾਈਕੋਰਟ ਨੇ ਕਿਹਾ ਕਿ ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ।