ਚੰਡੀਗੜ੍ਹ : ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਮੁੜ ਤੋਂ ਪ੍ਰੈਸ ਕਾਨਫੰਰਸ ਕੀਤੀ। ਜਿਥੇ ਉਹਨਾਂ ਨੇ ਇਸ ਦੌਰਾਨ ਅਹਿਮ ਖੁਲਾਸੇ ਕੀਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਮੁਸਤੈਦੀ ਦਿਖਾਉਂਦੇ ਹੋਏ ਮਾੜੇ ਅਨਸਰਾਂ ਉੱਤੇ ਠੱਲ ਪਾਉਣ ਲਈ ਲੱਗੀ ਹੋਈ ਹੈ। ਇਸ ਦੌਰਾਨ ਆਈ ਜੀ ਨੇ ਦੱਸਿਆ ਕਿ ਪਹਿਲਾਂ ਨਾਲੋਂ ਪੰਜਾਬ ਵਿੱਚ ਵਧੀਆਂ ਗਤੀਵਿਧੀਆਂ ਖਿਲਾਫ ਕਾਰਵਾਈ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਕਿ ਨਸ਼ੇ ਕਾਰਨ ਹੀ ਨੌਜਵਾਨ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹਨ। ਇਸ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ 109 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 141 ਮੁਲਜ਼ਮਾਂ ਤੋਂ ਇਲਾਵਾ 31 ਵੱਡੇ ਤਸਕਰ ਵੀ ਗ੍ਰਿਫਤਾਰ ਕੀਤੇ ਹਨ। ਇਸ ਤੋਂ ਇਲਾਵਾ 19.2 ਕਿੱਲੋ ਹੈਰੋਇਨ ਬਰਾਮਦ, 8 ਕਿੱਲੋ ਅਫੀਮ, 2523 ਕਿੱਲੋ ਭੁੱਕੀ ਬਰਾਮਦ ਕੀਤੀ ਹੈ।
ਜਨਵਰੀ ਵਿੱਚ ਦੋ ਵੱਡੀ ਰਿਕਵਰੀ ਹੋਈ : ਇਸ ਮੌਕੇ ਆਈ ਜੀ ਨੇ ਕਿਹਾ ਕਿਅਪਰਾਧ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਕਾਰਵਾਈ ਕਰਦਿਆਂ ਹੁਣ ਤੱਕ ਪੁਲਿਸ ਨੇ 140000 ਦੀ ਡਰੱਗ ਮਨੀ ਬਰਾਮਦ ਕੀਤੀ ਹੈ, ਨਾਲ ਜਲੰਧਰ ਪੁਲਿਸ ਨੇ 4 ਜਨਵਰੀ ਨੂੰ 63 ਕਿੱਲੋ ਅਫੀਮ ਬਰਾਮਦ, 4 ਗ੍ਰਿਫਤਾਰੀਆਂ ਕੀਤੀਆਂ ਹਨ। STF ਫ਼ਿਰੋਜ਼ਪੁਰ ਨੇ 7 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। 523 ਕਿੱਲੋ ਹੈਰੋਇਨ ਸਮੇਤ ਹੋਰ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਚਲਾਈ ਗਈ ਹੈ, ਜਿਸ 'ਚ ਹੁਣ ਤੱਕ 6 ਭਗੌੜੇ ਫੜੇ ਹਨ। ਹੁਣ ਤੱਕ ਪੁਲਿਸ ਨੇ 1260 ਵਿਅਕਤੀਆਂ ਨੂੰ ਐਨਡੀਪੀਐਸ ਤਹਿਤ ਗ੍ਰਿਫ਼ਤਾਰ ਕੀਤਾ ਹੈ। 263 ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਦੇ ਨਾਲ ਹੀ 111 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਹੋਰ ਮਾਮਲੇ ਅਜੇ ਵੀ ਰਡਾਰ 'ਤੇ ਹਨ, ਜਿੱਥੇ ਤਸਕਰਾਂ ਦੀ 3 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ।
963 ਹਥਿਆਰ ਬਰਾਮਦ ਕੀਤੇ ਜਾ ਚੁੱਕੇ :ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ, 951 ਗੰਭੀਰ ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ, ਹੁਣ ਤੱਕ 10 ਗੈਂਗਸਟਰ ਐਨਕਾਊਂਟਰ ਵਿੱਚ ਮਾਰੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 963 ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ, ਇਸ ਹਫਤੇ ਕੱਟੜਪੰਥੀ ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਦੋ ਮਾਡਿਊਲ ਨਸ਼ਟ ਕੀਤੇ ਗਏ ਹਨ। ਪਿਛਲੇ ਇੱਕ ਹਫ਼ਤੇ ਵਿੱਚ 6 ਡਰੋਨ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ।
20,000 ਤੋਂ ਵੱਧ ਪੁਲਿਸ ਬਲ ਤਾਇਨਾਤ:26 ਜਨਵਰੀ ਨੂੰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਹਰ ਜ਼ਿਲ੍ਹੇ ਵਿੱਚ ਸਪੈਸ਼ਲ ਜੀਪੀ, ਆਈਜੀ ਸਟਾਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਜ਼ਿਲ੍ਹਿਆਂ ਵਿੱਚ ਕਰੀਬ 65 ਫ਼ੀਸਦੀ ਬਲ ਸੁਰੱਖਿਆ ਲਈ ਜੁਟਾਏ ਗਏ ਹਨ। 26 ਜਨਵਰੀ ਨੂੰ ਹੀ ਸੁਰੱਖਿਆ ਲਈ 20,000 ਤੋਂ ਵੱਧ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਅੰਤਰਰਾਜੀ ਅਤੇ ਅੰਤਰ ਜ਼ਿਲ੍ਹਾ ਸੜਕਾਂ 'ਤੇ ਨਾਕਾਬੰਦੀ ਕੀਤੀ ਗਈ ਹੈ। ਬਾਜ਼ਾਰਾਂ, ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਹੈ, ਇਸ ਲਈ ਉਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸੀਐਮ ਨੂੰ ਮਿਲੀ ਧਮਕੀ ਤੋਂ ਬਾਅਦ ਹਾਈ ਅਲਰਟ :ਸ਼ੱਕੀਆਂ ਵੱਲੋਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾਵੇ, ਇਸ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਤਵਾਦੀ ਪੰਨੂੰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਦੀ ਸੁੱਰਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਖਾਸ ਕਰਕੇ ਲੁਧਿਆਣਾ ਅਤੇ ਰਾਜਪਾਲ ਦੇ ਪਟਿਆਲਾ ਵਿੱਚ ਹੋਣ ਵਾਲੇ ਗਣਤੰਤਰ ਦਿਵਸ ਸਮਾਗਮਾਂ ਲਈ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕਰ ਦਿੱਤੇ ਗਏ ਹਨ।
26 ਜਨਵਰੀ ਨੂੰ ਲੈਕੇ ਖਾਸ ਪ੍ਰਬੰਧ :26 ਜਨਵਰੀ ਨੂੰ ਲੈ ਕੇ ਅੱਤਵਾਦੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਰਮਿਆਨ ਪੰਜਾਬ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਗਣਤੰਤਰ ਦਿਵਸ ਦੇ ਜਸ਼ਨ ਪੂਰੇ ਹੋਣ ਤੱਕ ਪੰਜਾਬ ਪੁਲਿਸ ਹਾਈ ਅਲਰਟ 'ਤੇ ਰਹੇਗੀ। ਸਰਹੱਦੀ ਖੇਤਰ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਲਈ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸਪੈਸ਼ਲ ਡੀਜੀਪੀ, ਏਡੀਜੀਪੀ, ਡੀਆਈਜੀ ਅਤੇ ਆਈਜੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਇਨ੍ਹਾਂ ਦੀ ਤਾਇਨਾਤੀ ਜ਼ਿਲ੍ਹਿਆਂ ਦੇ ਆਕਾਰ ਅਨੁਸਾਰ ਕੀਤੀ ਗਈ ਹੈ। ਅਧਿਕਾਰੀ ਅੱਜ ਤੋਂ ਹੀ ਆਪਣੀ ਡਿਊਟੀ ਸੰਭਾਲ ਲੈਣਗੇ। ਸੁਰੱਖਿਆ ਪ੍ਰਬੰਧਾਂ ਵਿੱਚ 20 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ 65 ਫੀਸਦੀ ਬਲਾਂ ਨੂੰ ਸੁਰੱਖਿਆ ਪ੍ਰਬੰਧਾਂ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਵਾਲਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਚੀਜ਼ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।