ਮੋਗਾ : ਕਿਸਾਨਾਂ ਵੱਲੋਂ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖਿਆ ਗਿਆ ਮਰਨ ਵਰਤ ਲਗਾਤਾਰ ਜਾਰੀ ਹੈ, ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਜ਼ਬਰੀ ਦਾਖਲ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੱਕੀ ਮੰਗਾ ਨਾ ਪੂਰੀਆਂ ਹੋਣ ਕਾਰਨ, ਕਿਸਾਨਾਂ 'ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ, ਅੱਜ ਪੂਰੇ ਪੰਜਾਬ 'ਚ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਦਾ ਪੂਰਾ ਅਸਰ ਮੋਗਾ 'ਚ ਦੇਖਣ ਨੂੰ ਮਿਲ ਰਿਹਾ ਹੈ। ਬਜ਼ਾਰ ਬੰਦ ਹਨ ਤੇ ਮੋਗਾ ਦੇ ਮੁੱਖ ਚੌਕ ਨੂੰ ਵੀ ਬੰਦ ਕਰ ਦਿੱਤਾ ਗਿਆ।
ਬੰਦ ਦੌਰਾਨ ਮੋਗਾ ਦਾ ਬੱਸ ਸਟੈਂਡ ਬੰਦ ਹੈ ਤਾਂ ਉਥੇ ਹੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਦੇ ਧਰਨੇ ਨੂੰ ਸਮਰਥਨ ਮਿਲ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਪੂਰੇ ਪੰਜਾਬ ਚੋਂ ਵੱਖ-ਵੱਖ ਵਰਗਾਂ ਵੱਲੋਂ ਪੰਜਾਬ ਬੰਦ ਨੂੰ ਸਮਰਥਨ ਮਿਲ ਰਿਹਾ ਹੈ। ਇੱਥੋਂ ਤੱਕ ਕਿ ਬੱਸ ਯੂਨੀਅਨ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਦਿੱਤਾ ਗਿਆ ਹੈ। ਮੋਗਾ ਦੇ ਬੱਸ ਸਟੈਂਡ ਚੌਂਕ ਵਿੱਚ ਬੰਦ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਨੇ ਕਿਹਾ ਕਿ ਲੋਕ ਇਸ ਹੱਦ ਤੱਕ ਸਮਰਥਨ ਦੇ ਰਹੇ ਹਨ ਕਿ ਲੋਕਾਂ ਵੱਲੋਂ ਕਿਸਾਨਾਂ ਲਈ ਲੰਗਰ ਤੱਕ ਲਗਾਏ ਗਏ ਹਨ।