ਬਰਨਾਲਾ: ਭਾਰਤੀ ਚੋਣ ਕਮਿਸ਼ਨ ਵੱਲੋਂ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਬੀਤੇ ਕੱਲ੍ਹ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਿਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਪੂਨਮਦੀਪ ਕੌਰ,ਡੀਸੀ (ETV BHARAT PUNJAB (ਰਿਪੋਟਰ,ਬਰਨਾਲਾ)) ਪੂਰੇ ਸ਼ਡਿਊਲ ਦਾ ਐਲਾਨ
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 103 ਬਰਨਾਲਾ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਵੋਟਾਂ 13 ਨਵੰਬਰ (ਬੁੱਧਵਾਰ) ਨੂੰ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਚੋਣ ਜ਼ਾਬਤਾ ਲਾਗੂ
ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ 14 ਮਈ 2024 ਤੱਕ ਦੀ ਸੁਧਾਈ ਅਨੁਸਾਰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕੁੱਲ 180724 ਵੋਟਰ (ਸਰਵਿਸ ਵੋਟਰਾਂ ਸਣੇ) ਹਨ ਜਿਸ ਵਿਚੋਂ ਮਹਿਲਾ ਵੋਟਰ 85146 ਅਤੇ ਪੁਰਸ਼ ਵੋਟਰ 95578 ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿਚ 4 ਟਰਾਂਸਜੈਂਡਰ ਹਨ। ਇਨ੍ਹਾਂ ਵਿਚੋਂ ਸਰਵਿਸ ਵੋਟਰ ਕੁੱਲ 636 ਹਨ, ਜਿਸ ਵਿਚ 621 ਪੁਰਸ਼, 15 ਮਹਿਲਾ ਵੋਟਰ ਹਨ। ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨ 212 ਅਤੇ ਪੋਲਿੰਗ ਸਟੇਸ਼ਨ ਲੋਕੇਸ਼ਨਾਂ 84 ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਲਈ ਸੁਵਿਧਾ ਪੋਰਟਲ ਅਤੇ ਸ਼ਿਕਾਇਤਾਂ ਲਈ ਸੀ ਵਿਜਿਲ ਪੋਰਟਲ ਚਾਲੂ ਹੋ ਗਿਆ ਹੈ। ਇਸ ਤੋਂ ਇਲਾਵਾ 3 ਉੱਡਣ ਦਸਤੇ ਸਰਗਰਮ ਹੋ ਗਏ ਹਨ।
ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਚੋਣਾਂ ਦੌਰਾਨ ਅਮਨ - ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਕਾਪੀ ਸਾਰੀਆਂ ਪਾਰਟੀਆਂ ਨੂੰ ਮੁਹਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਆਦਰਸ਼ ਚੋਣ ਜ਼ਾਬਤਾ ਪੂਰੇ ਜ਼ਿਲ੍ਹੇ ਵਿੱਚ ਲਾਗੂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ ਕੰਮ ਜਾਰੀ ਰਹਿਣਗੇ, ਜਦਕਿ ਨਵੇਂ ਕੰਮ ਸ਼ੁਰੂ ਨਹੀਂ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸੀ ਵਿਜਲ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਵੱਖ ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਸੁਵਿਧਾ ਪੋਰਟਲ 'ਤੇ ਮਿਲਣਗੀਆਂ।ਇਸ ਮੌਕੇ ਚੋਣ ਤਹਿਸੀਲਦਾਰ ਰਾਮ ਜੀ ਲਾਲ, ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ, ਤਹਿਸੀਲਦਾਰ ਰਾਕੇਸ਼ ਕੁਮਾਰ ਅਤੇ ਰਾਜਸੀ ਪਾਰਟੀਆਂ ਤੋਂ ਓਂਕਾਰ ਸੂਰਤ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਸਤਪਾਲ ਸਿੰਘ, ਬਲਵਿੰਦਰ ਸਿੰਘ (ਬਸਪਾ), ਲਵਪ੍ਰੀਤ ਸਿੰਘ (ਬੀਜੇਪੀ), ਮਹਿੰਦਰ ਪਾਲ (ਸ਼੍ਰੋਮਣੀ ਅਕਾਲੀ ਦਲ), ਸੁਰਿੰਦਰ ਦਰਦੀ ( ਸੀ ਪੀ ਆਈ ਐਮ) ਹਾਜ਼ਰ ਸਨ।