ਪ੍ਰਦਰਸ਼ਨਕਾਰੀਆਂ ਨੇ ਰੱਖੀਆਂ ਮੰਗਾਂ (ETV BHARAT (ਰਿਪੋਟਰ,ਬਠਿੰਡਾ)) ਬਠਿੰਡਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਅਤੇ ਸੀਪੀਆਈ (ਐਮਐਲ) ਲਿਬ੍ਰੇਸ਼ਨ ਵਲੋਂ ਸੰਘ ਪਰਿਵਾਰ ਦੀਆਂ ਵੰਡਵਾਦੀ ਕੁਚਾਲਾਂ ਅਤੇ ਲੋਕਾਈ ਦਾ ਕਚੂੰਮਰ ਕੱਢਣ ਵਾਲੀਆਂ ਮੋਦੀ-ਮਾਨ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ਼ ਇੱਥੋਂ ਦੇ ਅੰਬੇਡਕਰ ਪਾਰਕ ਵਿਖੇ ਕੀਤੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਭਾਰੀ ਗਿਣਤੀ ਔਰਤਾਂ ਸਮੇਤ ਹਜ਼ਾਰਾਂ ਕਿਰਤੀ-ਕਿਸਾਨ ਸ਼ਾਮਲ ਹੋਏ।
ਏਕਤਾ-ਅਖੰਡਤਾ ਲਈ ਗਭੀਰ ਖ਼ਤਰੇ
ਇਸ ਮੌਕੇ ਉਚੇਚੇ ਪੁੱਜੇ ਆਰ.ਐਮ.ਪੀ.ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਆਰਐਸਐਸ ਦੀ ਧਰਮ ਅਧਾਰਤ ਕੱਟੜ ਹਿੰਦੂਤਵੀ ਰਾਜ ਕਾਇਮ ਕਰਨ ਦੀ ਵੰਡਵਾਦੀ ਸਾਜ਼ਿਸ਼ ਨੂੰ ਤਿੱਖੇ ਵਿਚਾਰਧਾਰਕ ਤੇ ਸਿਆਸੀ ਜਨ ਸੰਗਰਾਮ ਰਾਹੀਂ ਫੇਲ੍ਹ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸੰਘ ਪਰਿਵਾਰ ਦੇ ਕੋਝੇ ਮਨਸੂਬੇ ਸਿਰੇ ਚੜ੍ਹ ਗਏ ਤਾਂ ਭਾਰਤ ਦਾ ਸੰਵਿਧਾਨ ਅਤੇ ਜਮਹੂਰੀ, ਧਰਮ ਨਿਰਪੱਖ ਤੇ ਫੈਡਰਲ ਢਾਂਚਾ, ਲਹੂ ਵੀਟਵੀਆਂ ਕੁਰਬਾਨੀਆਂ ਸਦਕਾ ਹਾਸਲ ਕੀਤੀ ਆਜ਼ਾਦੀ ਅਤੇ ਦੇਸ਼ ਦੀ ਏਕਤਾ-ਅਖੰਡਤਾ ਲਈ ਗਭੀਰ ਖਤਰੇ ਖੜ੍ਹੇ ਹੋ ਜਾਣਗੇ।
ਕਰਦੇ ਰਹਾਂਗੇ ਡਟਵਾਂ ਵਿਰੋਧ
ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਸਾਥੀ ਮਹੀਪਾਲ ਨੇ ਭਾਰਤੀ ਲੋਕਾਈ ਦੀਆਂ ਬੇਰੁਜ਼ਗਾਰੀ-ਮਹਿੰਗਾਈ, ਸਿੱਖਿਆ-ਸਿਹਤ ਸਹੂਲਤਾਂ, ਘਰਾਂ ਤੇ ਸਮਾਜਿਕ ਸੁਰੱਖਿਆ ਦੀ ਅਣਹੋਂਦ ਆਦਿ ਮੁਸੀਬਤਾਂ 'ਚ ਅੰਤਾਂ ਦਾ ਵਾਧਾ ਕਰਕੇ ਅਡਾਨੀ-ਅੰਬਾਨੀ ਜਿਹੇ ਜੁੰਡੀ ਪੂੰਜੀਪਤੀਆਂ ਦੇ ਖਜ਼ਾਨੇ ਨੱਕੋ-ਨੱਕ ਭਰਨ ਵਾਲੀਆਂ ਨਵ ਉਦਾਰਵਾਦੀ ਨੀਤੀਆਂ ਦਾ ਫਸਤਾ ਵੱਢਣ ਦੇ ਸੰਗਰਾਮ ਪ੍ਰਚੰਡ ਕਰਨ ਦੀ ਅਪੀਲ ਕੀਤੀ।ਸੀਪੀਆਈ (ਐਮਐਲ) ਲਿਬ੍ਰੇਸ਼ਨ ਦੇ ਸੂਬਾਈ ਆਗੂ ਸਾਥੀ ਗੁਰਤੇਜ ਸਿੰਘ ਮਹਿਰਾਜ ਨੇ ਵੀ ਵਿਚਾਰ ਰੱਖੇ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਦੇਸ਼ ਦੇ ਕੁੱਝ ਪ੍ਰਾਈਵੇਟ ਪਲੇਅਰਾਂ ਨੂੰ ਹੀ ਸਭ ਕੁੱਝ ਲੁਟਾ ਦੇਣਾ ਚਾਹੁੰਦੀ ਹੈ ਤਾਂ ਉਹ ਸਰਕਾਰ ਨੂੰ ਅਜਿਹਾ ਨਹੀਂ ਕਰਨ ਦੇਣਗੇ। ਉਹ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਡਟਵਾਂ ਵਿਰੋਧ ਕਰਨਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਦਿਆਂ ਭਾਜਪਾ ਸਰਕਾਰ ਨੂੰ ਕਿਸਾਨ ਅੰਦੋਲਨ ਦੀ ਤਰ੍ਹਾਂ ਝੁਕਣ ਲਈ ਮਜਬੂਰ ਕਰ ਦੇਣਗੇ।