ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ। ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਖਰੜੇ ਦਾ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਭੇਜ ਕੇ ਸਖ਼ਤ ਵਿਰੋਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਨੇ ਬਿਲਕੁਲ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਪੂਰੀ ਤਰ੍ਹਾਂ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਬਹੁਤ ਦਮਗਜ਼ੇ ਮਾਰਦੇ ਹਨ ਪਰ ਦਿਲੋਂ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਦੁਸ਼ਮਣੀ ਵਾਲਾ ਵਤੀਰਾ ਅਪਣਾਉਂਦੀ ਹੈ।
'ਕੇਂਦਰ ਸਰਕਾਰ ਸੂਬੇ ਨਾਲ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ'
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਸੋਚ ਕਰਕੇ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਨਹੀਂ ਕੀਤਾ ਗਿਆ, ਜਿਨ੍ਹਾਂ ਨੇ ਕਿਸਾਨਾਂ ਨਾਲ ਇਸ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵੱਡੇ ਅੰਦੋਲਨ ਦੀ ਅਗਵਾਈ ਕੀਤੀ ਸੀ ਜਿਸ ਤੋਂ ਬਾਅਦ ਮਜਬੂਰ ਹੋ ਕੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੁੱਧ ਨਫ਼ਰਤ ਇਸ ਕਰਕੇ ਪਾਲੀ ਜਾ ਰਹੀ ਹੈ ਕਿਉਂਕਿ ਕੇਂਦਰ ਨੂੰ ਇਹ ਤਿੰਨ ਕਾਨੂੰਨ ਵਾਪਸ ਲੈਣੇ ਪਏ ਜੋ ਕਿ ਪਿਛਲੇ 10 ਸਾਲਾਂ ਤੋਂ ਵੱਧ ਸਮੇਂ ਦੇ ਮੋਦੀ ਸ਼ਾਸਨ ਨੂੰ ਪਹਿਲੀ ਵਾਰ ਆਪਣੇ ਫੈਸਲੇ ਤੋਂ ਪਿੱਛੇ ਮੁੜਨਾ ਪਿਆ ਸੀ।
ਖੇਤੀਬਾੜੀ ਮੰਡੀਕਰਨ ਸੂਬੇ ਦਾ ਵਿਸ਼ਾ
ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੇ ਅਨੁਸਾਰ ਖੇਤੀਬਾੜੀ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਉਸ ਸਮੇਂ ਦੇ ਸੰਵਿਧਾਨ ਨਿਰਮਾਤਾਵਾਂ ਵੱਲੋਂ ਇਹ ਮਹਿਸੂਸ ਕੀਤਾ ਗਿਆ ਸੀ ਕਿ ਖੇਤੀਬਾੜੀ ਗਤੀਵਿਧੀਆਂ ਵੱਖ-ਵੱਖ ਖੇਤਰਾਂ ਦੀਆਂ ਭੂਗੋਲਿਕ ਸਥਿਤੀਆਂ ਉਪਰ ਨਿਰਭਰ ਕਰਦੀਆਂ ਹਨ ਅਤੇ ਹਰ ਸੂਬੇ ਦੀ ਸਥਿਤੀ ਵੱਖਰੀ ਹੁੰਦੀ ਹੈ ਕਿਉਂ ਜੋ ਸੂਬੇ ਆਪਣੇ ਫਸਲੀ ਚੱਕਰ, ਮੰਡੀਕਰਨ ਢਾਂਚੇ ਦੀ ਸਥਿਤੀ ਅਤੇ ਸਥਾਨਕ ਜ਼ਰੂਰਤਾਂ ਨੂੰ ਸਮਝਣ ਦੀ ਬਿਹਤਰ ਸਥਿਤੀ ਵਿੱਚ ਹੁੰਦੇ ਹਨ। ਇਸ ਨਾਲ ਇਹ ਸੁਨਿਸ਼ਚਤ ਹੁੰਦਾ ਹੈ ਕਿ ਖੇਤੀਬਾੜੀ ਨਾਲ ਸਬੰਧਤ ਨੀਤੀਆਂ ਸੂਬੇ ਦੀਆਂ ਜ਼ਰੂਰਤਾਂ, ਹਾਲਤਾਂ, ਚੁਣੌਤੀਆਂ ਦੇ ਅਧਾਰ ਉਤੇ ਬਣਾਈਆਂ ਜਾ ਸਕਣ। ਇਸ ਨੀਤੀ ਰਾਹੀਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਉਪਰ ਕਾਬਜ਼ ਹੋਣ ਦਾ ਯਤਨ ਕੀਤਾ ਜਾ ਰਿਹਾ ਹੈ।
ਖਰੜਾ ਨੀਤੀ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦਾ ਨਹੀਂ ਜ਼ਿਕਰ