FAZILKA POLICE INCREASED VIGILANCE ਫਾਜ਼ਿਲਕਾ: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਲੱਗੇ ਚੋਣ ਜ਼ਾਬਤਾ ਤੋਂ ਬਾਅਦ ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਜ਼ਿਲ੍ਹੇ ਵਿੱਚ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੰਵੇਦਨਸ਼ੀਲ ਇਲਾਕਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜੂਨ ਮਹੀਨੇ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਅਲਰਟ ਮੋਡ ਵਿੱਚ ਆ ਗਿਆ ਹੈ।
ਫਾਜ਼ਿਲਕਾ ਪ੍ਰਸ਼ਾਸਨ ਨੇ ਪੰਜਾਬ ਰਾਜਸਥਾਨ ਨਾਲ ਲੱਗਦੇ ਬਾਰਡਰ ਉੱਪਰ ਚੌਕਸੀ ਵਧਾ ਦਿੱਤੀ ਹੈ, ਜਿਸ ਦੇ ਚਲਦਿਆਂ ਪੰਜਾਬ-ਰਾਜਸਥਾਨ ਨੂੰ ਜੋੜਨ ਵਾਲੇ ਬਾਰਡਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਕੈਮਰੇ ਦੀ ਮਦਦ ਨਾਲ ਹਰ ਆਉਣ ਜਾਣ ਵਾਲੇ ਵਾਹਨਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸ ਦਈਏ ਕਿ ਇਹਨਾਂ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਤੇ ਐਸਐਸਪੀ ਫਾਜ਼ਿਲਕਾ ਵੱਲੋਂ ਖੁਦ ਕੀਤੀ ਜਾ ਰਹੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਫਾਜ਼ਿਲਕਾ ਡਾਕਟਰ ਪ੍ਰੱਗਿਆ ਜੈਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਫਾਜ਼ਿਲਕਾ ਪੁਲਿਸ ਵੱਲੋਂ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਦੇ ਚਾਰ ਜਿਲ੍ਹਿਆਂ ਦੀ ਪੁਲਿਸ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਮਾੜੇ ਅਨਸਰ ਇੱਕ ਦੂਸਰੇ ਦੇ ਸੂਬੇ ਵਿੱਚ ਜਾ ਕੇ ਚੋਣਾਂ ਦਾ ਮਾਹੌਲ ਖਰਾਬ ਨਾ ਕਰ ਸਕਣ, ਜਿਸ ਨੂੰ ਲੈ ਕੇ ਫਾਜ਼ਿਲਕਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੰਜਾਬ-ਰਾਜਸਥਾਨ ਬਾਰਡਰ ਤੇ 25 ਸ਼ੱਕੀ ਪੁਆਇੰਟਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ, ਜਿਸ ਉੱਪਰ ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ ਹੈ, ਜਿੰਨ੍ਹਾਂ ਸਪੈਸ਼ਲ ਟਰੇਨਿੰਗ ਦਿੱਤੀ ਗਈ ਹੈ ਤਾਂ ਜੋ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਫਾਜ਼ਿਲਕਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ, ਜਿਸ ਦੇ ਤਹਿਤ ਵੱਡੇ ਪੱਧਰ ਤੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਅਸਲਾ ਧਾਰਕਾਂ ਨੂੰ ਵੀ ਆਪਣੇ ਅਸਲੇ ਥਾਣਿਆਂ ਵਿੱਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂ ਦੁੱਗਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਸਾਫ ਸੁਥਰਾ ਅਤੇ ਸ਼ਾਂਤੀ ਪੂਰਵਕ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵਚਨ ਬੱਧ ਹੈ ਅਤੇ ਚੋਨਾ ਸੰਪੰਨ ਹੋਣ ਤੱਕ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ l