ਖਨੌਰੀ ਬਾਰਡਰ/ਸੰਗਰੂਰ:ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ ਅਤੇ ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਹਨ। ਉਨ੍ਹਾਂ ਨੂੰ ਬੋਲਣ ਵਿੱਚ ਵੀ ਤਕਲੀਫ ਮਹਿਸੂਸ ਹੋ ਰਹੀ ਹੈ। ਉਹ ਇਸ਼ਾਰਿਆਂ ਰਾਹੀਂ ਹੀ ਗੱਲ ਕਰ ਰਹੇ ਹਨ। ਇਸ ਤਹਿਤ ਉਹਨਾਂ ਦੀ ਸਿਹਤ ਨੂੰ ਲੈਕੇ ਲਗਾਤਾਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਉਥੇ ਹੀ ਡਲੇਵਾਲ ਦੀ ਸਿਹਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਵਫਦ ਖਨੌਰੀ ਬਾਰਡਰ ਪਹੁੰਚਿਆ।
ਡੱਲੇਵਾਲ ਦੀ ਸਿਹਤ ਨੂੰ ਲੈਕੇ ਉਡ ਰਹੀਆਂ ਅਫਵਾਹ
ਡੱਲੇਵਾਲ ਦੀ ਸਿਹਤ ਨੂੰ ਲੈਕੇ ਖਨੌਰੀ ਬਾਰਡਰ ਤੋਂ ਕਿਸਾਨ ਆਗੂਆਂ ਨੇ ਅਪੀਲ ਕੀਤੀ ਹੈ ਕਿ ਕੁਝ ਸੋਸ਼ਲ ਮੀਡੀਆ ਅਤੇ ਖਬਰਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਡੱਲੇਵਾਲ ਦੁਨੀਆ ਵਿੱਚ ਨਹੀਂ ਰਹੇ। ਇਸ ਨੂੰ ਲੈਕੇ ਕਿਸਾਨ ਆਗੂਆਂ ਨੇ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਅਜਿਹੀਆਂ ਅਫਵਾਹਾਂ ਨਾ ਫੈਲਾਈਆਂ ਜਾਣ। ਡੱਲੇਵਾਲ ਦੀ ਸਿਹਤ ਨਾਜ਼ੁਕ ਜ਼ਰੂਰ ਹੈ ਹੈ ਪਰ ਅਜਿਹਾ ਕੁਝ ਨਹੀਂ ਹੋਇਆ ਜੋ ਸੋਸ਼ਲ ਮੀਡੀਆ ਰਾਹੀਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮਰਨ ਵਰਤ ਦੇ 31 ਵੇਂ ਦਿਨ ਦੁਪਹਿਰ ਤੱਕ ਦੇ ਸਮੇਂ 'ਚ ਡੱਲੇਵਾਲ ਚੜ੍ਹਦੀਕਲਾ ਵਿੱਚ ਹਨ। ਉਹਨਾਂ ਦੀ ਇਸ ਮਿਹਨਤ ਨੂੰ ਸਹਿਯੋਗ ਦੇਣ ਲਈ ਉਹਨਾਂ ਲੋਕਾਂ ਨੂੰ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੀ ਆੜਤੀਆ ਐਸੋਸੀਏਸ਼ਨ ਨਾਲ ਅਹਿਮ ਬੈਠਕ ਹੋਵੇਗੀ। ਕੇਂਦਰੀ ਖੇਤੀ ਖਰੜੇ ਨੂੰ ਲੈ ਕੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਪੰਜਾਬ ਭਵਨ 'ਚ ਬੈਠਕ ਹੋਵੇਗੀ।
ਕਿਸਾਨਾਂ ਦੇ ਮੁੱਦੇ 'ਤੇ ਗੰਭੀਰ ਸਰਕਾਰ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਖਨੌਰੀ ਸਰਹੱਦ ਉੱਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਅਮਨ ਅਰੋੜਾ ਨੇ ਜਗਜੀਤ ਸਿੰਘ ਡੱਲੇਵਾਲ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ, ਪਰ ਨਾਲ ਹੀ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਸੰਘਰਸ਼ ਲਈ ਗਵਰਨਰ ਸਾਹਬ ਨੂੰ ਮਿਲੇ ਹਨ ਤੇ ਪਾਰਲੀਮੈਂਟ ਵਿੱਚ ਵੀ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇਕੱਲੇ ਡੱਲੇਵਾਲ ਦੀ ਨਹੀਂ, ਬਲਕਿ ਸਾਰੇ ਕਿਸਾਨਾਂ ਦੀ ਤੇ ਪੂਰੇ ਪੰਜਾਬ ਦੀ ਲੜਾਈ ਹੈ। ਉਨ੍ਹਾਂ ਦੇ ਨਾਲ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ, ਬਲਬੀਰ ਸਿੱਧੂ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।