ਚੰਡੀਗੜ੍ਹ:ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝੱਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਜਲਦ ਹੀ ਪੁਲਿਸ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।
ਪਾਕਿਸਤਾਨ ਬੈਠਾ ਹੈਂਡਲਰ ਦਿੰਦਾ ਸੀ ਹੁਕਮ: ਇਸ ਸਬੰਧੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੂੰ ਜੰਮੂ-ਕਸ਼ਮੀਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕਿਹਾ ਹੋਇਆ ਸੀ। ਇਸ ਦਾ ਆਰਡਰ ਉਸ ਨੂੰ ਪਾਕਿਸਤਾਨ ਵਿਚ ਬੈਠੇ ਇਕ ਹੈਂਡਲਰ ਨੇ ਦਿੱਤਾ ਸੀ। ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ 'ਤੇ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ:ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮਾਮਲੇ ਦੀ ਅਗਲੇਰੀ ਜਾਂਚ ਜਾਰੀ:ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ। ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮੁਲਜ਼ਮ ਦਾ ਰਿਕਾਰਡ ਲੱਭਣ ਦੀ ਕਰ ਰਹੇ ਕੋਸ਼ਿਸ਼:ਦੱਸ ਦਈਏ ਕਿ ਮੁਲਜ਼ਮ ਜੰਮੂ-ਕਸ਼ਮੀਰ 'ਚ ਕਈ ਵਾਰਦਾਤਾਂ ਕਰ ਚੁੱਕਿਆ ਸੀ। ਇਸ ਲਈ ਪੰਜਾਬ ਪੁਲਿਸ ਜੰਮੂ ਕਸ਼ਮੀਰ ਪੁਲਿਸ ਨਾਲ ਇਨਪੁਟ ਸਾਂਝੇ ਕਰੇਗੀ ਤਾਂ ਜੋ ਮੁਲਜ਼ਮ ਦਾ ਅਗਲਾ ਪਿਛਲਾ ਰਿਕਾਰਡ ਪਤਾ ਲੱਗ ਸਕੇ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸ ਕੋਲ ਚੀਨੀ ਪਿਸਤੌਲ ਕਿਵੇਂ ਆਇਆ? ਕਿਉਂਕਿ ਪਾਕਿਸਤਾਨ ਵਿੱਚ ਚੀਨੀ ਪਿਸਤੌਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਪੁਲਿਸ ਇਹ ਮੰਨ ਰਹੀ ਹੈ ਕਿ ਮੁਲਜ਼ਮਾਂ ਦਾ ਉਕਤ ਹਥਿਆਰ ਵੀ ਪਾਕਿਸਤਾਨ ਤੋਂ ਆਇਆ ਸੀ।