ਬਠਿੰਡਾ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣੇ ਚੋਣ ਮੈਨੀਫੈਸਟੋ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਹਨਾਂ ਚੋਣਾਂ ਵਿੱਚ ਪੰਜਾਬ ਪੰਜਾਬੀਅਤ ਅਤੇ ਬੇਅਦਬੀ ਦੇ ਮੁੱਦੇ ਲਗਾਤਾਰ ਸਿਆਸੀ ਪਾਰਟੀਆਂ 'ਤੇ ਭਾਰੀ ਪੈਂਦੇ ਹੋਏ ਨਜ਼ਰ ਆ ਰਹੇ ਹਨ।
ਬੇਅਬਦੀ ਦਾ ਇਨਸਾਫ਼ ਨਾ ਮਿਲਣ 'ਤੇ ਨਿਰਾਸ਼: ਉਥੇ ਹੀ ਸਰਬੱਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ। ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਕਿਸੇ ਵੀ ਸਿਆਸੀ ਧਿਰ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਅਤੇ ਇਨਸਾਫ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਸਿੱਖ ਕੌਮ ਨਿਰਾਸ਼ ਹੈ।
ਸਿਆਸੀ ਲੀਡਰਾਂ ਨੇ ਕੀਤੇ ਸੀ ਕਈ ਵਾਅਦੇ: ਉਹਨਾਂ ਕਿਹਾ ਕਿ ਸਿੱਖ ਕੌਮ ਵੱਲੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਨੂੰ ਲੈ ਕੇ ਸੰਘਰਸ਼ ਕੀਤੇ ਗਏ, ਮੋਰਚੇ ਲਾਏ ਗਏ ਪਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਹਨਾਂ ਮੋਰਚਿਆਂ ਵਿੱਚ ਆ ਕੇ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਪਰ ਇਹਨਾਂ ਗੱਲਾਂ 'ਤੇ ਖਰਿਆ ਉਤਰਨ ਦੀ ਬਜਾਏ ਉਹਨਾਂ ਵੱਲੋਂ ਸਿੱਖ ਕੌਮ ਨੂੰ ਹਮੇਸ਼ਾ ਲਾਰੇ ਲਾਏ ਗਏ।
ਅਕਾਲੀ ਦਲ ਅੰਮ੍ਰਿਤਸਰ ਦੇ ਹੱਕ 'ਚ ਪ੍ਰਚਾਰ:ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਅੱਜ ਸਿੱਖ ਕੌਮ ਕੋਲ ਵਧੀਆ ਮੌਕਾ ਹੈ। ਅਜਿਹੇ ਸਿਆਸਤਦਾਨਾਂ ਨੂੰ ਮੂੰਹ ਤੋੜ ਜਵਾਬ ਦੇਣ ਦਾ ਜਿਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਲਗਾਤਾਰ ਰਾਜਨੀਤੀ ਕੀਤੀ ਗਈ। ਉਹਨਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਦੇ ਹੱਕ ਵਿੱਚ ਨਾ ਸਿਰਫ ਚੋਣ ਪ੍ਰਚਾਰ ਕਰਨਗੇ ਅਤੇ ਲੋਕਾਂ ਨੂੰ ਵੀ ਅਪੀਲ ਕਰਨਗੇ ਕਿ ਇੱਕੋ-ਇੱਕ ਅਜਿਹਾ ਸ਼ਖਸ ਸਿਮਰਨਜੀਤ ਸਿੰਘ ਮਾਨ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਅਤੇ ਇਨਸਾਫ ਲਈ ਡਟਿਆ ਹੋਇਆ ਹੈ।
ਲੋਕਾਂ ਨੂੰ ਵੀ ਕੀਤੀ ਖਾਸ ਅਪੀਲ: ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਉਹ ਸਮੁੱਚੇ ਸਿੱਖ ਜਗਤ ਨੂੰ ਅਪੀਲ ਕਰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਿਸਦਾ ਨਾਮ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਨਾਲ ਜੁੜਿਆ ਹੋਇਆ ਹੈ ਦੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਜੋ ਸਿੱਖ ਅਜਿਹੇ ਵਿਅਕਤੀ ਨੂੰ ਨੁਮਾਇੰਦਗੀ ਦੇ ਸਕਣ ਜੋ ਪੰਜਾਬ, ਪੰਜਾਬੀਅਤ ਅਤੇ ਆਪਸੀ ਭਾਈਚਾਰੇ ਦੇ ਨਾਲ-ਨਾਲ ਸਿੱਖ ਕੌਮ ਦੀ ਗੱਲ ਕਰੇ। ਉਹਨਾਂ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਦੇ ਹੱਕ ਵਿੱਚ ਜਿੱਥੇ ਚੋਣ ਪ੍ਰਚਾਰ ਕਰਨਗੇ, ਉੱਥੇ ਹੀ ਸਿੱਖ ਜਗਤ ਨੂੰ ਅਪੀਲ ਵੀ ਕਰਨਗੇ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਕਾਮਯਾਬ ਕਰਨ।