ਬਠਿੰਡਾ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਭਰੇ ਮਨ ਨਾਲ ਅੱਜ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜ ਸਿੰਘ ਸਹਿਬਾਨਾਂ ਦੀ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਰਸਾ ਸਿੰਘ ਵਲਟੋਹਾ ਨੇ ਉਨ੍ਹਾਂ ਨੂੰ ਖ਼ਾਸ ਤੌਰ ਉੱਤੇ ਨਿਸ਼ਾਨਾ ਬਣਾਇਆ ਹੈ।
ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਜਥੇਦਾਰ (ETV BHARAT PUNJAB (ਰਿਪੋਟਰ,ਬਠਿੰਡਾ)) ਪਰਿਵਾਰ ਤੱਕ ਪਹੁੰਚਣ ਦੀਆਂ ਧਮਕੀਆਂ
ਅਸਤੀਫਾ ਦੇਣ ਪਿੱਛੇ ਦਾ ਕਾਰਣ ਦੱਸਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸਾਰੀਆਂ ਹੱਦਾ ਪਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਤੱਕ ਨੂੰ ਨਹੀਂ ਬਖ਼ਸ਼ਿਆ। ਗਿਆਨੀ ਹਰਪ੍ਰੀਤ ਸਿੰਘ ਮੁਤਾਬਿਕ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਧੀਆਂ ਤੱਕ ਨੂੰ ਚੁੱਕਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸ਼ਰਾਰਤੀ ਅਨਸਰਾਂ ਕੋਲੋਂ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਵਲਟੋਹਾ ਨੂੰ ਸਾਥ
ਤਮਾਮ ਖੁਲਾਸੇ ਕਰਦਿਆਂ ਹਰਪ੍ਰੀਤ ਸਿੰਘ ਨੇ ਇਹ ਵੀ ਆਖਿਆ ਕਿ ਵਿਰਸਾ ਸਿੰਘ ਵਲਟੋਹਾ ਦੇ ਇਸ ਕੋਝੇ ਕਾਰਨਾਮੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦਾ ਸਹਾਰੇ ਲੈਕੇ ਹੀ ਵਲਟੋਹਾ ਵੱਲੋਂ ਨੀਚਤਾ ਦੀਆਂ ਹੱਦਾਂ ਨੂੰ ਪਾਰ ਕੀਤਾ ਜਾ ਰਿਹਾ ਹੈ। ਜਥੇਦਾਰ ਨੇ ਭਰੇ ਮਨ ਨਾਲ ਆਖਿਆ ਕਿ ਇਸ ਦੌਰਾਨ ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੋਈ ਬਣਦੀ ਕਾਰਵਾਈ ਨਹੀਂ ਕੀਤੀ ।
ਦੁਖੀ ਹਿਰਦੇ ਨਾਲ ਦਿੱਤਾ ਅਸਤੀਫ਼ਾ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਮਾਮ ਸਿੱਖ ਸੰਸਥਾਵਾਂ ਧੰਨਵਾਦ ਕਰਦਿਆਂ ਕਿਹਾ ਕਿ,ਸੰਸਥਾਵਾਂ ਨੇ ਉਨ੍ਹਾਂ ਨੂੰ ਆਪਣਾ ਬੱਚਾ ਸਮਝ ਕੇ ਬਹੁਤ ਵੱਡੇ ਮਾਣ ਬਖ਼ਸ਼ੇ ਹਨ ਪਰ ਹੁਣ ਸਾਰੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ ਕਿਉਂਕਿ ਉਹ ਕੌਮ ਦੇ ਆਗੂ ਹੋਣ ਦੇ ਨਾਲ ਧੀਆਂ ਦੇ ਪਿਓ ਵੀ ਹਨ ਅਤੇ ਧੀਆਂ ਵਿਰੁੱਧ ਕੋਝੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਜਾਤ ਨੂੰ ਅਧਾਰ ਬਣਾ ਕੇ ਵੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਭਰੇ ਮਨ ਨਾਲ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਰਹੇ ਹਨ।