ਅੰਮ੍ਰਿਤਸਰ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਦਿਹਾਂਤ 26 ਦਸੰਬਰ 2024 ਨੂੰ ਹੋ ਗਿਆ ਸੀ। ਜਿਸ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਥੇ ਹੀ ਦਿੱਲੀ 'ਚ ਅੱਜ ਡਾ.ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਵਿਖੇ ਹੀ ਹੋਈ ਹੈ।
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵਰਕਰ ਵਜੋਂ ਸੇਵਾ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਦੇ ਵਿੱਚ ਦਿਹਾਂਤ ਹੋਇਆ ਹੈ। ਇਸ ਦੇ ਨਾਲ ਜਿਥੇ ਪੂਰੇ ਦੇਸ਼ ਨੂੰ ਵੱਡਾ ਘਾਟਾ ਪਿਆ ਹੈ ਤਾਂ ਉਥੇ ਹੀ ਸਿੱਖ ਕੌਮ ਨੂੰ ਵੀ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਉਹਨਾਂ ਦੀ ਅੰਤਿਮ ਅਰਦਾਸ ਦਿੱਲੀ ਵਿਖੇ ਕੀਤੀ ਜਾਣੀ ਹੈ ਅਤੇ ਡਾ ਮਨਮੋਹਨ ਸਿੰਘ ਅਜਿਹੀ ਸ਼ਖਸ਼ੀਅਤ ਹੋਏ ਨੇ ਜਿਨਾਂ ਨੇ ਆਪਣੇ ਕਾਲਜ ਦੇ ਸਮੇਂ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵਰਕਰ ਵਜੋਂ ਵੀ ਬਹੁਤ ਵੱਡੀ ਸੇਵਾ ਨਿਭਾਈ।