ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਵਿੱਚ ਪੰਥ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਅੰਤ੍ਰਿੰਗ ਕਮੇਟੀ ਨੇ ਵੱਡਾ ਫੈਸਲੇ ਲੈਂਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਤੋਂ ਬਾਅਦ ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ (Etv Bharat) ‘ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਸਜ਼ਾ’
ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਨਾਲ ਸਬੰਧਿਤ ਕਾਰਜਕਾਰਨੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲਿਆਂਦੇ ਗਏ ਇਸ ਮਤੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ "ਇਹ ਫ਼ੈਸਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਐੱਸਜੀਪੀਸੀ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਇਹ ਫੈਸਲਾ ਬੜਾ ਹੀ ਮੰਦਭਾਗਾ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ ਹੈ। 2 ਦਸੰਬਰ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੈਸੇਲ ਹੋਏ ਸਨ, ਉਹ ਬਾਦਲ ਦਲ ਨੂੰ ਹਜ਼ਮ ਨਹੀਂ ਹੋਏ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਫੈਸਲਿਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਇੱਕ ਕਮੇਟੀ ਬਣਾ ਦਿੱਤੀ ਗਈ ਸੀ, ਜਿਸ ਕਮੇਟੀ ਦਾ ਕੋਈ ਅਧਾਰ ਨਹੀਂ ਸੀ ਅਤੇ ਉਸ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕਿਹਾ ਸੀ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ ਕਿ ਕਿਸੇ ਤਖ਼ਤ ਦੇ ਜਥੇਦਾਰ ਸਬੰਧੀ ਕੋਈ ਜਾਂਚ ਕਰੇ। ਮਨਜੀਤ ਸਿੰਘ ਨੇ ਕਿਹਾ ਕਿ ਅੱਜ ਐੱਸਜੀਪੀਸੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫੈਸਲੇ ਦੀ ਵੀ ਉਲੰਘਣਾ ਕੀਤੀ ਹੈ"
ਮਨਜੀਤ ਸਿੰਘ ਨੇ ਕਿਹਾ ਬਾਦਲ ਦਲ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਲੜਾਈ ਲੜ ਰਿਹਾ ਹੈ। ਇਨ੍ਹਾਂ ਨੇ ਪੰਥ ਨੂੰ 2 ਹਿੱਸਿਆ ਵਿੱਚ ਵੰਡ ਦਿੱਤਾ ਹੈ, ਇੱਕ ਧੜਾ ਉਹ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਨ ਰਿਹਾ ਹੈ ਅਤੇ ਦੂਜਾ ਉਹ ਧੜਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹਨ। ਅਸੀਂ ਕੁਝ ਮੈਂਬਰਾਂ ਨੇ ਅੱਜ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਜੋ ਕਮੇਟੀ ਨੇ ਅੰਦਰ ਰਿਪੋਰਟ ਪੇਸ਼ ਕੀਤੀ ਉਹ ਸਿਰਫ਼ ਪੜ੍ਹਕੇ ਹੀ ਸੁਣਾਈ ਗਈ ਹੈ, ਉਹ ਸਾਨੂੰ ਦਿੱਤੀ ਨਹੀਂ ਗਈ ਹੈ। ਅਸੀਂ ਸੁਧਾਰ ਲਹਿਰ ਇਸ ਫੈਸਲੇ ਦਾ ਵਿਰੋਧ ਕਰਦੇ ਹਾਂ ਅਤੇ ਬਹੁਤ ਸਾਰੀਆਂ ਹੋਰ ਜਥੇਬੰਦੀਆਂ ਵੀ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ।
ਐੱਸਜੀਪੀਸੀ ਵੱਲੋਂ ਬਣਾਈ ਗਈ ਕਮੇਟੀ ਨੇ ਕੀਤੀ ਜਾਂਚ
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਉੱਤੇ ਗੰਭੀਰ ਇਲਜ਼ਾਮ ਲਗਾਏ ਗਏ ਸਨ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਕਮੇਟੀ ਦਾ ਗਠਨ ਕੀਤਾ ਸੀ ਜੋ ਗਿਆਨੀ ਹਰਪ੍ਰੀਤ ਸਿੰਘ ਉੱਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਕਰ ਰਹੀ ਸੀ। ਇਸ ਕਮੇਟੀ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਾਲਾ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਸ਼ਾਮਿਲ ਹਨ। ਕਮੇਟੀ ਨੂੰ ਮੁਕੰਮਲ ਪੜਤਾਲ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਕਮੇਟੀ ਵੱਲੋਂ ਐਸਜੀਪੀਸੀ ਕੋਲੋਂ ਹੋਰ ਸਮਾਂ ਮੰਗਿਆ ਗਿਆ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਮਹੀਨੇ ਦਾ ਸਮਾਂ ਵਧਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਸ ਬੈਠਕ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਹੈ।