ਅੰਮ੍ਰਿਤਸਰ:ਦਲ ਖ਼ਾਲਸਾ ਦੇ ਮੋਢੀ ਆਗੂ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਲਗਾਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਤਿੰਨ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਤਿੰਨ ਤਸਵੀਰਾਂ 'ਚ ਕੈਨੇਡਾ 'ਚ ਕਤਲ ਹੋਏ ਹਰਦੀਪ ਸਿੰਘ ਨਿੱਝਰ, ਪਾਕਿਸਤਾਨ 'ਚ ਕਤਲ ਹੋਏ ਪਰਮਜੀਤ ਸਿੰਘ ਪੰਜਵੜ ਅਤੇ ਜਲਾਵਤਨੀ ਸਿੰਘ ਗਜਿੰਦਰ ਸਿੰਘ ਦੇ ਨਾਮ ਸ਼ਾਮਿਲ ਹਨ।
ਕੇਂਦਰੀ ਸਿੱਖ ਅਜਾਇਬ ਘਰ 'ਚ ਇੰਨ੍ਹਾਂ ਦੀ ਤਸਵੀਰ:ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੋਲਦਿਆਂ ਕਿਹਾ ਕਿ, "ਪਿਛਲੇ ਦਿਨਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਚਾਰ ਕੀਤੀ ਜਾ ਰਹੀ ਹੈ। ਕੈਨੇਡਾ 'ਚ ਭਾਰਤੀ ਏਜੰਸੀਆਂ ਦੁਆਰਾ ਹਰਦੀਪ ਸਿੰਘ ਨਿੱਝਰ ਉਨ੍ਹਾਂ ਦੀ ਸ਼ਹਾਦਤ ਹੋਈ। ਇਸ ਦੇ ਨਾਲ ਹੀ, ਪਾਕਿਸਤਾਨ 'ਚ ਪਰਮਜੀਤ ਸਿੰਘ ਪੰਜਵੜ ਦੀ ਸ਼ਹਾਦਤ ਹੋਈ। ਉਨ੍ਹਾਂ ਦੀਆਂ ਤਸਵੀਰਾਂ ਤੇ ਨਾਲ ਹੀ ਜਲਾਵਤਨੀ ਸਿੰਘ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਸ਼੍ਰੋਮਣੀ ਕਮੇਟੀ ਫੈਸਲਾ ਕਰਕੇ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਸ਼ੋਭਿਤ ਕਰਨ ਦਾ ਯਤਨ ਜ਼ਰੂਰ ਕਰੇ।" ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਜਿੰਦਰ ਸਿੰਘ ਸਣੇ ਇਹ ਦੋਵੇਂ ਉਸ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ ਹੈ।