ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐਸਐਫ ਦੇ ਇੱਕ ਪੰਜਾਬੀ ਸੁਰੱਖਿਆ ਮੁਲਾਜ਼ਮ ਨਾਲ ਬਹਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਖ਼ਿਲਾਫ਼ ਨਫ਼ਰਤ ਭਰੀਆਂ ਟਿੱਪਣੀਆਂ ਉਸ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿਚ ਅੱਤਵਾਦ ਵਧ ਰਿਹਾ ਹੈ, ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚਾਈ ਇਹ ਹੈ ਕਿ ਉਸ ਦੀ ਆਪਣੀ ਜ਼ੁਬਾਨ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਮਾਹੌਲ ਨੂੰ ਦੂਸ਼ਿਤ ਕਰ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਜਾਤੀ ਅਤੇ ਬਹੁ-ਭਾਸ਼ਾਈ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਪੰਜਾਬੀਆਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਭੁਲਾ ਕੇ ਲੋਕਪ੍ਰਿਯ ਹੋਣ ਲਈ ਦੇਸ਼ ਵਿੱਚ ਆਪਸੀ ਸਦਭਾਵਨਾ ਅਤੇ ਸਮਾਜਿਕ ਰਿਸ਼ਤਿਆਂ ਨੂੰ ਅੱਖੋਂ ਪਰੋਖੇ ਕਰਨਾ ਦੇਸ਼ ਲਈ ਠੀਕ ਨਹੀਂ ਹੈ। ਪਰ ਕੰਗਨਾ ਰਣੌਤ ਜਾਣਬੁੱਝ ਕੇ ਇਸ ਰਾਹ 'ਤੇ ਚੱਲ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਰਣੌਤ ਨੂੰ ਸੰਜਮ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਉਣ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਹਵਾਈ ਅੱਡੇ 'ਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਕੰਗਨਾ ਰਣੌਤ ਨੇ ਪੰਜਾਬ ਵਿਰੁੱਧ ਨਫ਼ਰਤ ਦਾ ਮਾਹੌਲ ਬਣਾਉਣ ਲਈ ਕੋਈ ਸ਼ਰਾਰਤੀ ਦਲੀਲਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਐਸ.ਐਫ ਵੱਲੋਂ ਕੀਤੀ ਜਾਂਦੀ ਜਾਂਚ ਬਿਨਾਂ ਕਿਸੇ ਸਿਆਸੀ ਜਾਂ ਨਿੱਜੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਬੇਇਨਸਾਫ਼ੀ ਨਾ ਹੋਵੇ।