ਖੰਨਾ:ਖੰਨਾ ਪੁਲਿਸ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮੁਹਿੰਮ ਤਹਿਤ ਇੱਕ ਵਿਲੱਖਣ ਪ੍ਰਦਰਸ਼ਨੀ ਦਾ ਆਯੋਜਨ ਪੁਲਿਸ ਲਾਇਨ ਵਿਖੇ ਕੀਤਾ ਗਿਆ। ਇਸ ਪ੍ਰਦਰਸ਼ਨੀ ਰਾਹੀਂ ਸਕੂਲੀ ਬੱਚਿਆਂ ਨੂੰ ਵੱਖ ਵੱਖ ਥਾਣਿਆਂ ਦੇ ਕੰਮਕਾਜ ਦੀ ਜਾਣਕਾਰੀ ਦੇਣ ਤੋਂ ਇਲਾਵਾ ਹਥਿਆਰ ਵੀ ਦਿਖਾਏ ਗਏ ਤੇ ਡੈਮੋ ਦਿੱਤਾ ਗਿਆ। ਇਸ ਪ੍ਰਦਰਸ਼ਨੀ ਦੀ ਅਗਵਾਈ ਐੱਸਐੱਸਪੀ ਅਸ਼ਵਿਨੀ ਗੋਟਿਆਲ ਨੇ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਉਦਯੋਗ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਪੁੱਜੇ। ਪ੍ਰੋਗਰਾਮ ਵਿੱਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਉਨ੍ਹਾਂ ਤੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੰਕਲਪ ਵੀ ਦਿਵਾਇਆ ਗਿਆ।
ਸਰਕਾਰ ਨੇ 150 ਕਰੋੜ ਦੀ ਜਾਇਦਾਦ ਜ਼ਬਤ ਕੀਤੀ
ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਧ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਸੜਕ ਸੁਰੱਖਿਆ ਵਿੱਚ ਰਿਕਾਰਡ ਤੋੜ ਕੰਮ ਕੀਤਾ ਹੈ ਅਤੇ ਨਾਲ ਹੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੀ 150 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਪੁਲਿਸ ਜ਼ਿਲ੍ਹਾ ਖੰਨਾ ਵਿੱਚ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਅੱਜ ਦਾ ਪ੍ਰੋਗਰਾਮ ਐਸਐਸਪੀ ਅਸ਼ਵਨੀ ਗੋਟਿਆਲ ਅਤੇ ਉਨ੍ਹਾਂ ਦੀ ਟੀਮ ਦਾ ਸ਼ਲਾਘਾਯੋਗ ਕੰਮ ਹੈ।