ਚੰਡੀਗੜ੍ਹ:ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਿਆ ਹੋਇਆ ਹੈ। ਇਸੇ ਦੌਰਾਨ ਹਰਿਆਣਾ ਪੁਲਿਸ ਕਿਸਾਨਾਂ ਉੱਤੇ ਤਸ਼ੱਦਦ ਵੀ ਢਾਹ ਰਹੀ ਹੈ ਤੇ ਦਿੱਲੀ ਵਲ ਵਧ ਰਹੇ ਕਿਸਾਨਾਂ ਉੱਤੇ ਹੰਝੂ ਗੈਸ ਦੇ ਗੋਲੇ ਤੇ ਪਲਾਸਟਿਕ ਦੀਆਂ ਗੋਲੀਆਂ ਵਰ੍ਹਾਂ ਰਹੀ ਹੈ। ਪੁਲਿਸ ਵੱਲੋਂ ਵਰਤੇ ਗਏ ਬਲ ਦੇ ਪ੍ਰਯੋਗ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਹਨਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਹਨਾਂ ਨੂੰ ਪੀਜੀਆਈ ਰੈਫ਼ਰ ਕੀਤਾ ਗਿਆ ਹੈ।
ਸ਼ੰਭੂ ਸਰਹੱਦ ਉੱਤੇ ਇੱਕ ਕਿਸਾਨ ਦੀ ਹੋਈ ਮੌਤ:ਸ਼ੰਭੂ ਸਰਹੱਦ ਉੱਤੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ, ਜਾਣਕਾਰੀ ਮੁਤਾਬਿਕ 14 ਫਰਵਰੀ ਨੂੰ ਇਸ ਕਿਸਾਨ ਦੀ ਸਿਹਤ ਖਰਾਬ ਹੋਈ ਹੈ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਪਰ ਅੱਜ ਉਹਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਜੋਗਿੰਦਰ ਸਿੰਘ ਹਰ ਇੱਕ ਕਿਸਾਨ ਮੋਰਚੇ ਵਿੱਚ ਵਧ ਚੜ੍ਹਕੇ ਹਿੱਸਾ ਲੈਂਦੇ ਸਨ।
ਭਾਰਤ ਬੰਦ ਦਾ ਦਿਖਣ ਲੱਗਾ ਅਸਰ:ਪੰਜਾਬ ਸਮੇਤ ਕਈ ਸੂਬਿਆਂ ਵਿੱਚ ਭਾਰਤ ਬੰਦ ਦਾ ਅਸਰ ਦਿਖਣ ਲੱਗਾ ਹੈ। ਆਮ ਵਾਂਗ ਦੁਕਾਨਾਂ ਨਹੀਂ ਖੱਲ੍ਹੀਆਂ ਹਨ ਤੇ ਬੱਸਾਂ ਵੀ ਨਹੀਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਵੀ ਸਾਹਮਮਾ ਕਰਨਾ ਪੈ ਰਿਹਾ ਹੈ।
ਅੱਜ ਭਾਰਤ ਬੰਦ ਦਾ ਸੱਦਾ:ਕਿਸਾਨਾਂ ਦੇ ਸਮਰਥਨ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ।
ਦੇਰ ਰਾਤ ਤਕ ਚੱਲੀ ਬੈਠਕ:ਬੀਤੀ ਰਾਤ 8 ਵਜੇ ਤੋਂ 1.30 ਵਜੇ ਤੱਕ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ। ਸਾਢੇ ਪੰਜ ਘੰਟੇ ਚੱਲੀ ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰਾ ਮਾਮਲਾ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ’ਤੇ ਅਟਕਿਆ ਹੋਇਆ ਹੈ। ਹੁਣ ਇਸ ਸਬੰਧੀ ਚੌਥੀ ਮੀਟਿੰਗ ਐਤਵਾਰ ਸ਼ਾਮ 5 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।
ਕੇਂਦਰੀ ਮੰਤਰੀ ਅਰਜੁਨ ਦਾ ਬਿਆਨ:ਮੀਟਿੰਗ ਤੋਂ ਮਗਰੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕਿਸਾਨਾਂ ਅਤੇ ਸਾਡੇ ਵਿਚਕਾਰ ਬਹੁਤ ਸਕਾਰਾਤਮਕ ਗੱਲਬਾਤ ਹੋਈ ਹੈ। ਜਿਨ੍ਹਾਂ ਮੁੱਦਿਆਂ ਵੱਲ ਧਿਆਨ ਦਿਵਾਇਆ ਗਿਆ ਹੈ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਐਤਵਾਰ ਨੂੰ ਅੱਗੇ ਚਰਚਾ ਜਾਰੀ ਰੱਖਾਂਗੇ। ਇਸ ਮਾਹੌਲ ਵਿੱਚ, ਮੈਨੂੰ ਵਿਸ਼ਵਾਸ ਹੈ ਕਿ ਅਸੀਂ ਸਾਰੇ ਮਿਲ ਕੇ ਹੱਲ ਲੱਭਾਂਗੇ।
ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ:ਕਿਸਾਨ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਹੈ। ਜਿਵੇਂ ਹੀ ਪਤਾ ਲੱਗਾ ਕਿ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਤਾਂ ਪੰਜਾਬ ਦੀ 'ਆਪ' ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਇੰਟਰਨੈੱਟ ਸੇਵਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ।