ਬਠਿੰਡਾ :ਤਲਵੰਡੀ ਸਾਬੋ ਦੇ ਪਿੰਡ ਲੇਲੇਵਾੜਾ ਵਿਖੇ ਪਿਛਲੇ ਡੇਢ ਸਾਲ ਤੋਂ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਉਸ ਸਮੇਂ ਹਲਚਲ ਸ਼ੁਰੂ ਹੋ ਗਈ, ਜਦੋਂ ਬੀਤੀ ਦੇਰ ਰਾਤ ਵੱਡੀ ਗਿਣਤੀ ਵਿੱਚ ਪਿੰਡ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸਾਨਾਂ ਨੂੰ ਜਦੋਂ ਪਿੰਡ ਦੇ ਪੁਲਿਸ ਛਾਉਣੀ ਵਿੱਚ ਤਬਦੀਲ ਕੀਤੇ ਜਾਣ ਦਾ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ, ਅਤੇ ਪਿੰਡ ਲੇਲੇਵਾੜਾ ਵਿੱਚ ਵੱਡਾ ਇਕੱਠ ਕਿਸਾਨਾਂ ਵੱਲੋਂ ਕਰਨ ਦਾ ਐਲਾਨ ਕਰ ਦਿੱਤਾ ਗਿਆ।
ਰਾਤੋ ਰਾਤ ਪੁਲਿਸ ਛਾਉਣੀ ਵਿੱਚ ਬਦਲਿਆ ਤਲਵੰਡੀ ਸਾਬੋ ਦੇ ਪਿੰਡ ਲੇਲੇਵਾੜਾ (ਬਠਿੰਡਾ ਪੱਤਰਕਾਰ- ਈਟੀਵੀ ਭਾਰਤ) ਕਿਸਾਨਾਂ ਨੇ ਵਾਪਿਸ ਮੋੜੀ ਪੁਲਿਸ ਪਾਰਟੀ
ਇਸ ਐਲਾਨ ਤੋਂ ਬਾਅਦ ਪੰਜਾਬ ਭਰ ਵਿੱਚੋਂ ਬੁਲਾਈ ਗਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨੂੰ ਭਾਵੇਂ ਵਾਪਸ ਭੇਜ ਦਿੱਤਾ ਗਿਆ ਹੈ ਪਰ ਇਹ ਮਾਮਲਾ ਇੱਕ ਵਾਰ ਫਿਰ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ, ਪਿਛਲੇ ਡੇਢ ਸਾਲ ਤੋਂ ਲਗਾਤਾਰ ਤਲਵੰਡੀ ਸਾਬੋ ਦੇ ਪਿੰਡ ਲੇਲੇਵਾੜਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਵੀ ਕੱਢੀ ਜਾ ਰਹੀ ਗੈਸ ਪਾਈਪ ਲਾਈਨ ਦੇ ਮੁਆਵਜੇ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਕੇਂਦਰ ਨਾਲ ਮਿਲੀ ਪੰਜਾਬ ਪੁਲਿਸ
ਇਸ ਮੌਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਤੀ ਏਕੜ ਕਿਸਾਨਾਂ ਨੂੰ 24 ਲੱਖ ਰੁਪਏ ਅਤੇ ਜੇਕਰ ਫਸਲ ਅਤੇ ਹੋਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਵੱਖਰਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਇਹ ਐਲਾਨ, ਐਲਾਨ ਹੀ ਰਹਿ ਗਿਆ ਹੈ। ਜਿਸ ਕਾਰਨ ਉਹਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਬੀਤੀ ਦੇਰ ਰਾਤ ਪਿੰਡ ਲੇਲੇਵਾੜਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਧੱਕੇ ਨਾਲ ਗੈਸ ਪਾਈਪ ਲਾਈਨ ਪਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਕਿਸਾਨ ਆਗੂਆਂ ਦਾ ਕਹਿਨਾ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਸੀ ਮੋਦੀ ਸਰਕਾਰ ਨਾਲ ਰਲ੍ਹੀ ਹੋਈ ਹੈ ਿਿੲਸ ਲਈ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਅਤੇ ਮਾਨ ਸਰਕਾਰ ਸਾਡੀ ਸੁਣ ਨਹੀਂ ਰਹੀ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਧੱਕੇਸ਼ਾਹੀ ਕਰਕੇ ਗੈਸ ਟਾਈਪ ਲਾਈਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਸ ਦਾ ਪੁਰ ਜੋਰ ਵਿਰੋਧ ਕਰਨਗੇ।