ਲੋਕ ਸਭਾ ਉਮੀਦਵਾਰਾਂ ਦਾ ਵਿਰੋਧ ਬਠਿੰਡਾ:2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੱਖ-ਵੱਖ ਰੋਚਕ ਤੱਤ ਜਿਹੜੇ ਵੇਖਣ ਨੂੰ ਮਿਲ ਰਹੇ ਹਨ, ਉਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਜਿਨ੍ਹਾਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਤੋਂ ਹੁਣ ਆਮ ਲੋਕ ਸਵਾਲ ਜਵਾਬ ਕਰਨ ਲੱਗ ਗਏ ਹਨ ਕਿ ਉਨਾਂ ਦੀ ਰਾਜਨੀਤਿਕ ਜੀਵਨ ਵਿੱਚ ਆਮ ਲੋਕਾਂ ਪ੍ਰਤੀ ਕੀ ਕਾਰਗੁਜ਼ਾਰੀ ਹੈ?
ਭਾਵੇਂ ਕਿਸਾਨ ਅੰਦੋਲਨ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਜਪਾ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਸਵਾਲ ਜਵਾਬ ਕਰਨ ਦੀ ਗੱਲ ਆਖੀ ਗਈ ਸੀ, ਪਰ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਵੀ ਲੋਕਾਂ ਵੱਲੋਂ ਸਵਾਲ ਜਵਾਬ ਕਰਨੇ ਸ਼ੁਰੂ ਕਰ ਦਿੱਤੇ ਗਏ ਜਿਸ ਕਾਰਨ ਹੁਣ ਲੋਕ ਸਭਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ, ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਇਨ੍ਹਾਂ ਦੇ ਘਰਾਓ ਵੀ ਕੀਤੇ ਜਾ ਰਹੇ ਹਨ।
ਸਵਾਲ ਕਰਨਾ ਸਾਡਾ ਹੱਕ: ਪੰਜਾਬ ਦੇ ਕਈ ਪਿੰਡਾਂ ਵਿੱਚ ਤਾਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਹੀ ਉਮੀਦਵਾਰਾਂ ਦੇ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦਾ ਕਹਿਣਾ ਹੈ ਕਿ ਸਵਾਲ ਜਵਾਬ ਕਰਨਾ ਲੋਕਾਂ ਦਾ ਹੱਕ ਹੈ, ਜਿਹੜੇ ਵੋਟ ਬਟੋਰ ਲੁਟੇਰੇ ਵਾਅਦੇ ਕਰਕੇ ਮੁੜ ਵਾਅਦੇ ਪੂਰੇ ਨਹੀਂ ਕਰਦੇ, ਤਾਂ ਲੋਕ ਉਨ੍ਹਾਂ ਨੂੰ ਸਵਾਲ ਕਿਉਂ ਨਾ ਕਰਨ। ਉਨ੍ਹਾਂ ਕੋਲ ਸਿਰਫ ਸਵਾਲ ਜਵਾਬ ਹਨ ਜਾਂ ਸੰਘਰਸ਼ ਦਾ ਰਾਹ ਹੈ।
ਆਮ ਆਦਮੀ ਪਾਰਟੀ ਕੋਲੋਂ ਸਵਾਲ ਕਿਉਂ: ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਰਫ ਭਾਜਪਾ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ, ਪਰ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਵੀ ਸਵਾਲ ਜਵਾਬ ਕੀਤੇ ਜਾ ਰਹੇ ਹਨ, ਕਿਉਂਕਿ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਤੋਂ ਬਾਅਦ ਬਰਬਾਦ ਹੋਈਆਂ ਫਸਲਾਂ ਦੇ ਮੁਆਵਜੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ।
ਇਸ ਕਾਰਨ ਮਜਬੂਰ ਕਿਸਾਨ ਲਗਾਤਾਰ ਸੰਘਰਸ਼ ਦੇ ਰਾਹ ਪਏ ਹੋਏ ਹਨ। ਹੁਣ ਕਿਸਾਨਾਂ ਵੱਲੋਂ ਉਮੀਦਵਾਰਾਂ ਨੂੰ ਸਵਾਲ ਜਵਾਬ ਕੀਤੇ ਜਾ ਰਹੇ ਹਨ ਕਿ ਆਖਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਕਿਉਂ ਨਹੀਂ ਦੇ ਰਹੀ ਮਜਬੂਰਨ ਉਨ੍ਹਾਂ ਨੂੰ ਘਰਾਓ ਕਰਨਾ ਪੈ ਰਿਹਾ ਹੈ, ਕਿਉਂਕਿ ਜਦੋਂ ਤੱਕ ਸੰਘਰਸ਼ ਨਹੀਂ ਕਰਦੇ ਉਦੋਂ ਤੱਕ ਉਹਨਾਂ ਨੂੰ ਹੱਕ ਨਹੀਂ ਮਿਲਣੇ।
ਲੋਕ ਸਭਾ ਚੋਣ ਦਾ ਬਾਈਕਾਟ:ਵੱਖ ਵੱਖ ਪਿੰਡਾਂ ਵਿੱਚ ਲੋਕ ਸਭਾ ਚੋਣਾਂ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਬਠਿੰਡਾ ਤੇ ਪਿੰਡ ਰਾਮਗੜ੍ਹ ਭੂਦੜ ਦੇ ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨਾ ਉਨ੍ਹਾਂ ਦੀ ਮਜਬੂਰੀ ਹੈ, ਕਿਉਂਕਿ ਹਰ ਪੰਜ ਸਾਲ ਬਾਅਦ ਸਰਕਾਰ ਬਦਲ ਜਾਂਦੀ ਹੈ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ। ਪਿੰਡਾਂ ਦਾ ਵਿਕਾਸ ਦੀ ਜਗ੍ਹਾ ਵਿਨਾਸ਼ ਹੋ ਰਿਹਾ ਹੈ। ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਪਿੰਡ ਵਾਸੀਆਂ ਵੱਲੋਂ ਹੁਣ ਸਾਂਝੇ ਤੌਰ ਉੱਤੇ ਲੋਕ ਸਭਾ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।
ਪਿੰਡ ਰਾਮਗੜ੍ਹ ਭੂੰਦੜ ਦੇ ਹੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਰਾਜਨੀਤਿਕ ਪਾਰਟੀਆਂ ਹਰ ਵਾਰ ਦੀ ਤਰ੍ਹਾਂ ਵੋਟਾਂ ਬਟੋਰ ਕੇ ਮੁੜ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੰਦੇ। ਇਸ ਲਈ ਹੁਣ ਉਨ੍ਹਾਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਉਹ ਆਪਣੇ ਪਿੰਡ ਵਿੱਚ ਕਿਸੇ ਵੀ ਲੋਕ ਸਭਾ ਮੈਂਬਰ ਨੂੰ ਨਹੀਂ ਵੜਨ ਦੇਣਗੇ ਅਤੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨਗੇ।
ਸਿਆਸੀ ਪਾਰਟੀਆਂ ਲਈ ਸੰਕੇਤ ਸਹੀ ਨਹੀਂ:ਸੀਨੀਅਰ ਪੱਤਰਕਾਰ ਧੀਰਜ ਗਰਗ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਸਿਆਸੀ ਲੋਕਾਂ ਵੱਲੋਂ ਆਪਣੇ ਸਿਆਸੀ ਲਾਹੇ ਲਈ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਹੁਣ ਜਿਸ ਤਰ੍ਹਾਂ ਲੋਕਾਂ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਤੋਂ ਸਵਾਲ ਜਵਾਬ ਕਰਨ ਅਤੇ ਪਿੰਡਾਂ ਵਿੱਚ ਲੋਕ ਸਭਾ ਚੋਣਾਂ ਦੇ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਤੋਂ ਸਾਫ ਜ਼ਾਹਿਰ ਹੈ ਕਿ ਲੋਕ ਇਨ੍ਹਾਂ ਰਾਜਨੀਤਿਕ ਲੋਕਾਂ ਦੀ ਕਾਰਜ ਪ੍ਰਣਾਲੀ ਤੋਂ ਅੱਕ ਚੁੱਕੇ ਹਨ, ਜੋ ਕਿ ਸਿਆਸੀ ਪਾਰਟੀਆਂ ਲਈ ਸਹੀ ਸੰਕੇਤ ਨਹੀਂ ਹੈ।