ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਦੋ ਸੀਨੀਅਰ ਆਗੂ ਅੱਜ ਘਰ ਪਰਤ ਆਏ ਹਨ। ਇਨ੍ਹਾਂ ਵਿੱਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕਾਂਗਰਸੀ ਵਿਧਾਇਕ ਰਹੇ ਲਵ ਕੁਮਾਰ ਗੋਲਡੀ ਅਤੇ ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਮਲਕੀਤ ਸਿੰਘ ਬੀਰਮੀ ਵੀ ਸ਼ਾਮਲ ਹਨ। ਅੱਜ ਚੰਡੀਗੜ੍ਹ ਸਥਿਤ ਕਾਂਗਰਸ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦੋ ਵਾਰ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਅਤੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਬੀਰਮੀ ਦਾ ਅਧਿਕਾਰਤ ਤੌਰ ‘ਤੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
ਇਸ ਮੌਕੇ ਰਾਜਾ ਵੜਿੰਗ ਨੇ ਦੱਸਿਆ ਕਿ “ਬੀਰਮੀ ਜੀ 2014 ਵਿੱਚ ਸਾਡੇ ਨਾਲੋਂ ਵੱਖ ਹੋ ਗਏ ਸਨ ਅਤੇ ਜ਼ਮੀਨੀ ਪੱਧਰ ਦੀਆਂ ਸਮਾਜਿਕ ਪਹਿਲਕਦਮੀਆਂ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਰਾਜਨੀਤਿਕ ਮਾਮਲਿਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਸੀ। ਇੱਕ ਦਹਾਕੇ ਬਾਅਦ, ਉਨ੍ਹਾਂ ਨੇ ਸਾਡੇ ਬੈਨਰ ਹੇਠ ਮੁੜ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਗੋਲਡੀ ਜੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਗਏ ਸਨ। ਹੁਣ ਉਹ ਦੋਵੇਂ ਲੋਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਵਿੱਚ ਅਡੋਲ ਰਹਿ ਕੇ ਕਾਂਗਰਸ ਵਿੱਚ ਘਰ ਪਰਤੇ ਹਨ।”