ਲੁਧਿਆਣਾ:ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਲਗਾਤਾਰ ਬੱਸਾਂ ਦੇ ਚਲਾਨ ਵੀ ਕੱਟੇ ਜਾ ਰਹੇ ਨੇ ਅਤੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੀਤੇ ਦਿਨੀਂ 30 ਤੋਂ ਵੱਧ ਬੱਸਾਂ ਦੇ ਚਲਾਨ ਵੀ ਕੱਟੇ ਗਏ। ਇਸ ਤੋਂ ਇਲਾਵਾ ਰੋਡ 'ਤੇ ਜਾ ਰਹੀਆਂ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ।
ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ: ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਰਿਸਕ ਨਹੀਂ ਲੈਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਾਰੇ ਹੀ ਨਿੱਜੀ ਸਕੂਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਜੋ ਨਹੀਂ ਕਰ ਰਹੇ ਉਹਨਾਂ 'ਤੇ ਲਗਾਤਾਰ ਕਾਰਵਾਈ ਵੀ ਹੋ ਰਹੀ ਹੈ। ਉਹਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ ਕਿਉਂਕਿ ਬੱਚੇ ਹੀ ਸਾਡੇ ਦੇਸ਼ ਦਾ ਭਵਿੱਖ ਹਨ।