ਚੰਡੀਗੜ੍ਹ:ਪੰਜਾਬ 'ਚ ਲੋਕ ਸਭਾ ਚੋਣਾਂ ਦੇ ਚੱਲਦੇ ਸਿਆਸੀ ਪਾਰਾ ਸਿਖਰਾਂ 'ਤੇ ਹੈ। ਇਸ ਦੌਰਾਨ ਜਿਥੇ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ ਤਾਂ ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਅੱਜ ਲੁਧਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਉਨ੍ਹਾਂ ਦੇ ਆਗੂ ਵਿਪਨ ਸੂਦ ਕਾਕਾ ਪਾਰਟੀ ਛੱਡ ਕੇ ਭਾਜਪਾ ਦੇ ਬੇੜੇ 'ਚ ਸਵਾਰ ਹੋ ਗਏ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਗਿਆ।
ਅਕਾਲੀ ਦਲ ਨੇ ਪਹਿਲਾਂ ਐਲਾਨਿਆ ਸੀ ਉਮੀਦਵਾਰ: ਦੱਸ ਦਈਏ ਕਿ ਵਿਪਨ ਸੂਦ ਕਾਕਾ ਦੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਲੁਧਿਆਣਾ ਲੋਕ ਸਭਾ ਚੋਣ ਲੜਨ ਦੀਆਂ ਗੱਲਾਂ ਚੱਲ ਰਹੀਆਂ ਸਨ। ਇੱਥੋਂ ਤੱਕ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਦਾ ਐਲਾਨ ਵੀ ਕੀਤਾ ਸੀ ਪਰ ਆਖਿਰ ਮੌਕੇ 'ਤੇ ਆ ਕੇ ਵਿਪਨ ਸੂਦ ਕਾਕਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਵੇਲੇ ਲਗਾਤਾਰ ਇਹ ਗੱਲ ਚੱਲ ਰਹੀ ਸੀ ਕਿ ਵਿਪਨ ਸੂਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਟੁੱਟਣ ਕਰਕੇ ਚੋਣ ਲੜਨ 'ਚ ਰੁਚੀ ਨਹੀਂ ਵਿਖਾ ਰਹੇ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ।
ਜਾਖੜ ਦਾ ਸੁਖਬੀਰ ਬਾਦਲ 'ਤੇ ਨਿਸ਼ਾਨਾ: ਉਥੇ ਹੀ ਕਾਕਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਭ ਤੋਂ ਪਹਿਲਾਂ ਵਿਪਨ ਸੂਦ ਕਾਕਾ ਨੂੰ ਉਮੀਦਵਾਰ ਐਲਾਨਿਆ ਸੀ ਤੇ ਮੌਕੇ ਦੇ ਹਾਲਾਤ ਅਨੁਸਾਰ ਵਿਪਨ ਸੂਦ ਕਾਕਾ ਨੂੰ ਸੀਟ ਦੇਣ ਦੀ ਬਜਾਏ ਸੀਟ ਰਣਜੀਤ ਸਿੰਘ ਢਿੱਲੋਂ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਵਾਂਗ ਸ਼੍ਰੋਮਣੀ ਅਕਾਲੀ ਦਲ ਵੀ ਖਾਲੀ ਹੁੰਦਾ ਜਾ ਰਿਹਾ ਹੈ। ਸੀਨੀਅਰ ਆਗੂ ਸੁਖਬੀਰ ਬਾਦਲ ਤੋਂ ਕਿਨਾਰਾ ਕਰ ਰਹੇ ਹਨ। ਪੰਜਾਬ ਦੇ ਲੋਕ ਸਮਝ ਰਹੇ ਹਨ ਕਿ ਕਿਸੇ ਪਾਰਟੀ ਵਿਸ਼ੇਸ਼ ਲਈ ਭਾਜਪਾ ਹੀ ਹੱਲ ਹੈ। ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਆਗੂ ਵਰਕਰਾਂ ਸਮੇਤ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਦੱਸ ਦਈਏ ਕਿ ਕਾਕਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੀਬ ਢਾਈ ਸਾਲ ਪਹਿਲਾਂ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਸੀ।