ਬਠਿੰਡਾ/ਸੰਗਰੂਰ/ਫਰੀਦੋਕਟ/ਅੰਮ੍ਰਿਤਸਰ: ਹਰਿਆਣਾ-ਪੰਜਾਬ ਦੇ ਬਾਰਡਰਾਂ ਉੱਤੇ ਭਾਵੇਂ ਸੂਬੇ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਜੱਦੋ-ਜਹਿਦ ਕਰ ਰਹੇ ਨੇ ਪਰ ਹੁਣ ਦੂਜੇ ਪਾਸੇ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ 14 ਮਾਰਚ ਸਬੰਧੀ ਕਾਲ ਨੂੰ ਲੈਕੇ ਅੱਜ 400 ਤੋਂ ਵੱਧ ਕਿਸਾਨ ਜਥੇਬੰਦੀਆਂ ਦਿੱਲੀ ਦੇ ਜੰਤਰ ਮੰਤਰ ਵਿਖੇ ਇਕੱਠੀਆਂ ਹੋਕੇ ਮਹਾਂਪੰਚਾਇਤ ਵਿੱਚ ਹਿੱਸਾ ਲੈ ਰਹੀਆਂ ਹਨ। ਮਹਾਂਪੰਚਾਇਤ ਲਈ ਕਿਸਾਨ ਬੱਸਾਂ ਅਤੇ ਟਰੇਨਾਂ ਰਾਹੀਂ ਪੰਜਾਬ ਤੋਂ ਵੀ ਦਿੱਲੀ ਲਈ ਰਵਾਨਾ ਹੋਏ ਹਨ।
ਬਠਿੰਡਾ ਤੋਂ ਬੱਸਾਂ ਰਾਹੀਂ ਰਵਾਨਾ ਹੋਏ ਕਿਸਾਨ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਕਾਫ਼ਲੇ 17 ਜ਼ਿਲ੍ਹਿਆਂ ਤੋਂ ਸੈਂਕੜੇ ਬੱਸਾਂ 'ਤੇ ਸਵਾਰ ਹੋ ਕੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਰਾਮਲੀਲਾ ਮੈਦਾਨ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਕਿਸਾਨ ਮਜ਼ਦੂਰ ਆਪਣੇ ਰਾਸ਼ਨ ਪਾਣੀ ਅਤੇ ਬਿਸਤਰਿਆਂ ਆਦਿ ਦਾ ਪੂਰਾ ਪ੍ਰਬੰਧ ਕਰਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਖਦੀਆਂ ਕਿਸਾਨੀ ਮੰਗਾਂ ਵਿੱਚ ਐੱਮਐੱਸਪੀ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਬੁਢਾਪਾ ਪੈਨਸ਼ਨ, ਸਰਵਜਨਿਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਵਰਗੀਆਂ ਮੰਨੀਆਂ ਹੋਈਆਂ ਮੰਗਾਂ ਲਈ ਉਹ ਸੰਘਰਸ਼ ਕਰ ਰਹੇ ਹਨ।
ਬਠਿੰਡਾ ਤੋਂ ਬੱਸਾਂ ਰਾਹੀਂ ਰਵਾਨਾ ਹੋਏ ਕਿਸਾਨ
ਸੰਗਰੂਰ ਦੇ ਕਿਸਾਨ ਰਵਾਨਾ:ਸੰਗਰੂਰ ਦੇ ਹਲਕਾ ਧੂਰੀ ਤੋਂ 300 ਕਿਸਾਨਾਂ ਦਾ ਪਹਿਲਾ ਜੱਥਾ ਦਿੱਲੀ ਦੇ ਲਈ ਰਵਾਨਾ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਸਾਡੇ ਵੱਲੋਂ ਸ਼ਾਂਤਮਈ ਤਰੀਕੇ ਦੇ ਨਾਲ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ ਜਿੱਥੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਨੇ ਪਹੁੰਚਣਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਐਨਓਸੀ ਦੇ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਸ਼ਾਂਤਮਈ ਤਰੀਕੇ ਦੇ ਨਾਲ ਕਿਸਾਨ ਆਪਣੀ ਮਹਾਂਪੰਚਾਇਤ ਕਰ ਸਕਦੇ ਹਨ। ਕਿਸਾਨਾਂ ਦਾ ਕਹਿਣਾ ਸੀ ਕਿ ਜੇ ਰਸਤੇ ਵਿੱਚ ਸਰਕਾਰ ਵੱਲੋਂ ਧੱਕੇਸ਼ਾਹੀ ਹੁੰਦੀ ਹੈ ਤਾਂ ਉਸੇ ਥਾਂ ਉੱਤੇ ਹੀ ਧਰਨਾ ਲਗਾ ਦਿੱਤਾ ਜਾਵੇਗਾ।
ਸੰਗਰੂਰ ਦੇ ਕਿਸਾਨ ਹੋਏ ਰਵਾਨਾ ਅੰਮ੍ਰਿਤਸਰ ਤੋਂ ਰਵਾਨਗੀ: ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋਏ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਜੇਕਰ ਚੋਣਾਂ ਤੋਂ ਪਹਿਲਾਂ ਸਾਡੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਚੋਣਾਂ ਦੌਰਾਨ ਨੇਤਾਵਾਂ ਦਾ ਵਿਰੋਧ ਕੀਤਾ ਜਾਵੇਗਾ।
ਫਰੀਦਕੋਟ ਤੋਂ ਰਵਾਨਾ ਹੋਏ ਕਿਸਾਨ: ਦੱਸ ਦਈਏ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਤਹਿਤ ਹੀ ਅੱਜ ਫਰੀਦਕੋਟ ਦੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ। ਦਿੱਲੀ ਵੱਲ ਨੂੰ ਰਵਾਨਾ ਹੁੰਦਿਆਂ ਹੋਇਆਂ ਕਿਸਾਨਾਂ ਦੇ ਵਿੱਚ ਪੂਰਾ ਜੋਸ਼ ਸੀ ਅਤੇ ਉਹਨਾਂ ਦਾ ਕਹਿਣਾ ਸੀ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮਹਾਂ ਪੰਚਾਇਤ ਕਰ ਰਹੇ ਹਨ ਅਤੇ ਕੋਈ ਵੱਡਾ ਐਕਸ਼ਨ ਵੀ ਕੀਤਾ ਜਾ ਸਕਦਾ ਹੈ।