ਕਿਸਾਨ ਆਗੂ ਮਹਾਂਪੰਚਾਇਤ ਸਬੰਧੀ ਜਾਣਕਾਰੀ ਦਿੰਦੇ ਹੋਏ ਬਠਿੰਡਾ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਮਹਾਂਪੰਚਾਇਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਹੋਈਆਂ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਟੀਚਰ ਹੋਮ ਵਿੱਚ ਬੈਠਕ ਕੀਤੀ ਗਈ ਅਤੇ 14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਮਹਾਂ ਪੰਚਾਇਤ ਦੀ ਰਣਨੀਤੀ ਤਿਆਰ ਕੀਤੀ ਗਈ।
ਪੰਜਾਬ ਵਿੱਚ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਮੀਟਿੰਗਾਂ: ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ 14 ਮਾਰਚ ਨੂੰ ਜੋ ਕਿਸਾਨ ਮਹਾਂ ਪੰਚਾਇਤ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਹੋ ਰਹੀ ਹੈ, ਉਸ ਵਿੱਚ ਸ਼ਾਮਿਲ ਹੋਣ ਲਈ ਸੰਯੁਕਤ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਹਜ਼ਾਰਾਂ ਕਿਸਾਨ 13 ਮਾਰਚ ਨੂੰ ਦਿੱਲੀ ਵੱਲ ਕੂਚ ਕਰਨਗੇ। ਇਸ ਮਹਾਂ ਪੰਚਾਇਤ ਨੂੰ ਸਫਲ ਬਣਾਉਣ ਲਈ ਬਠਿੰਡੇ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾਣਗੀਆਂ।
ਇਹ ਨੇ ਕਿਸਾਨਾਂ ਦੀਆਂ ਮੰਗਾਂ: ਇਹਨਾਂ ਪਿੰਡ ਪੱਧਰੀ ਮੀਟਿੰਗਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਜਿਵੇਂ ਕਿ ਸਮੁੱਚੇ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨਾ, ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 60 ਸਾਲ ਦਾ ਹੋਣ 'ਤੇ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣਾ, ਡਾ. ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਕਨੂੰਨੀ ਗਰੰਟੀ 'ਤੇ ਐਮਐਸਪੀ ਅਨੁਸਾਰ ਫਸਲਾਂ ਦੀ ਖਰੀਦ ਕਰਨਾ , ਬਿਜਲੀ ਬਿੱਲ 2023 ਵਾਪਸ ਲੈਣਾ, ਲਖਮੀਰਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਨਿਆਂ ਦੇਣਾ, ਮਨਰੇਗਾ ਨੂੰ ਖੇਤੀ ਨਾਲ ਜੋੜ ਕੇ ਫੰਡਾਂ ਵਿੱਚ ਵਾਧਾ ਕਰਨਾ ਆਦਿ ਮੰਗਾਂ ਨੂੰ ਜੋਰਦਾਰ ਤਰੀਕੇ ਨਾਲ ਉਭਾਰਿਆ ਜਾਵੇਗਾ ।
ਪੰਜਾਬ ਸਰਕਾਰ ਤੋਂ ਵੀ ਮੁਆਵਜ਼ੇ ਦੀ ਮੰਗ: ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਨਜੀਤ ਸਿੰਘ ਭਾਈ ਰੂਪਾ ਨੇ ਕਿਹਾ ਕਿ ਪਿਛਲੇ ਦਿਨੀ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਲਈ ਪੰਜਾਬ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਜਵਾ ਦੇਣ ਦੀ ਮੰਗ ਕੀਤੀ ਗਈ ਹੈ।