ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲਾਂ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਗਏ। ਇਨ੍ਹਾਂ ਵੱਲੋਂ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਮੰਗਵਾਏ ਗਏ ਸਨ। ਆਰਮਜ਼ ਐਕਟ ਅਤੇ ਨਵੀਂ ਲਾਗੂ ਹੋਈ ਧਾਰਾ 111 ਬੀਐਨਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਸ ਦੇ ਤਹਿਤ ਸੰਗਠਿਤ ਅਪਰਾਧ ਸਜ਼ਾਯੋਗ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਅੰਮ੍ਰਿਤਸਰ ਵਿੱਚ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ:ਮਾਮਲੇ ਸਬੰਧੀ ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਸਾਂਝੀ ਕੀਤੀ। ਇਸ ਪੋਸਟ ਜ਼ਰੀਏ DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 2 ਪਿਸਤੌਲਾਂ, 8 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਮੰਗਵਾਏ ਗਏ ਸਨ।