ਖੰਨਾ/ਲੁਧਿਆਣਾ: ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ: ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।