ਬਠਿੰਡਾ:ਅੱਜ ਬਠਿੰਡਾ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ, ਪੰਜਾਬ ਇਕਾਈ-ਬਠਿੰਡਾ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਲਟਕਦੀ ਮੰਗ ਪੁਰਾਣੀ ਪੈਨਸ਼ਨ ਬਹਾਲ ਨਾ ਹੋਣ 'ਤੇ ਰੋਸ ਪ੍ਰਗਟਾਇਆ ਗਿਆ ਹੈ। ਪੁਰਾਣੀ ਪੈਨਸ਼ਨ ਬਹਾਲ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਮੌਕਾ ਮੁਲਾਜ਼ਮ ਵਰਗ ਨੇ ਅਪਣੇ ਘਰਾਂ ਅੱਗੇ ਪੋਸਟਰ ਲਾ ਕੇ ਹਰ ਸਿਆਸੀ ਧਿਰ ਨੂੰ ਸਿੱਧਾ ਸੁਨੇਹਾ ਦਿੱਤਾ ਹੈ ਕਿ ਸਾਡੀ ਵੋਟ ਉਸਨੂੰ ਜਾਏਗੀ ਜੋ ਪੁਰਾਣੀ ਪੈਨਸ਼ਨ ਬਹਾਲ ਕਰੇਗਾ।
ਸਰਕਾਰ ਨੇ ਹੁਕਮ ਮੋੜਨਾ ਨੀ ਤੇ ਡੱਕਾ ਤੋੜਨਾ ਨੀ:ਯਾਦ ਰਹੇ ਕਿ ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਵਿੱਚ ਭਾਰੀ ਤਦਾਦ ਵਿੱਚ ਬੈਲਟ ਪੇਪਰਾਂ ਦੀ ਵਰਤੋਂ ਕਰਦੇ ਹੋਏ ਮੁਲਾਜ਼ਮ ਵਰਗ ਨੇ ਵੋਟਾਂ ਪਾਈਆਂ ਤੇ ਸਰਕਾਰ ਬਣਾਈ। ਦੋ ਸਾਲ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਜੋ ਕਿ ਚਿੱਟਾ ਹਾਥੀ ਸਾਬਤ ਹੋਇਆ। ਪਿਛਲੀਆਂ ਸਰਕਾਰਾਂ ਦੀਆਂ ਸਿਆਸੀ ਧਿਰਾਂ ਤਾਂ ਜੁਬਾਨੀ ਕੀਤੇ ਵਾਅਦਿਆਂ ਤੋਂ ਮੁਕਰਦੇ ਆ ਰਹੇ ਹਨ। ਪਰ ਭਗਵੰਤ ਮਾਨ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜੋ ਅਪਣੇ ਲਿਖਤੀ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕਰ ਪਾਈ। ਇਸ ਸਬੰਧੀ ਮੁਲਾਜ਼ਮ ਵਰਗ ਸੜਕਾਂ ਤੇ ਰਿਹਾ ਵੱਖ-ਵੱਖ ਰੈਲੀਆਂ ਕੀਤੀਆਂ ਹਰ ਬਾਰ ਸਰਕਾਰ ਨੇ ਹੁਕਮ ਮੋੜਨਾ ਨੀ ਤੇ ਡੱਕਾ ਤੋੜਨਾ ਨੀ ਵਾਲਾ ਰਵੱਈਆ ਅਪਣਾਈ ਰੱਖਿਆ। ਜਦੋਂ ਵੀ ਕੋਈ ਰੈਲੀ ਹੁੰਦੀ ਮੀਟਿੰਗ ਦਾ ਸਮਾਂ ਜਰੂਰ ਦਿੱਤਾ ਜਾਂਦਾ ਪਰ ਬਿਨਾਂ ਤਿਆਰੀ ਤੋਂ ਮੰਤਰੀ ਮੀਟਿੰਗ ਵਿੱਚ ਬੈਠਦੇ ਰਹੇ ਅਤੇ ਸਰਮਸ਼ਾਰ ਹੁੰਦੇ ਰਹੇ। ਰਾਜ ਸਰਕਾਰਾਂ ਦੇ ਅਪਣੇ ਅਧਿਕਾਰ ਹੁੰਦੇ ਹਨ।