ਫਿਰੋਜ਼ਪੁਰ:ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਪਹੁੰਚ ਕੇ ਪ੍ਰੈੱਸ ਕਾਨਫਰੰਸ ਕੀਤੀ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਮਾਘੀ ਮੌਕੇ ਨਵੀਂ ਪਾਰਟੀ ਬਾਰੇ ਐਲਾਨ ਕੀਤਾ ਜਾਵੇਗਾ ਅਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।
ਤਰਸੇਮ ਸਿੰਘ,ਸੰਸਦ ਮੈਂਬਰ,ਅੰਮ੍ਰਿਤਪਾਲ ਦੇ ਪਿਤਾ (ETV BHARAT (ਪੱਤਰਕਾਰ,ਮੋਹਾਲੀ)) 'ਸਿਆਸਤਦਾਨ ਭੁੱਲੇ ਪੰਥਕ ਮੁੱਦੇ'
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਆਖਿਆ ਕਿ ਪੰਥ ਨੂੰ ਬਚਾਉਣ ਲਈ ਪਾਰਟੀ ਬਣਾਉਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸਾਰੀਆਂ ਪਾਰਟੀਆਂ ਆਪਣੇ ਹਿੱਤਾਂ ਲਈ ਖਾਮੋਸ਼ ਹਨ। ਪੰਜਾਬ ਦੇ ਮੁੱਦੇ ਜਿਵੇਂ ਬੰਦੀ ਸਿੰਘਾਂ ਦੀ ਰਿਹਾਈ,ਬੇਅਦਬੀ ਮਾਮਲਾ, ਨਸ਼ੇ ਦਾ ਮੁੱਦਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਨਵੀਂ ਪਾਰਟੀ ਬਣਾਈ ਜਾਵੇਗੀ ਜੋ ਪੰਜਾਬ ਦੇ ਮੁੱਦੇ ਪਹਿਲ ਦੇ ਅਧਾਰ ਉੱਤੇ ਹੱਲ ਕਰੇਗੀ।
'ਅੰਮ੍ਰਿਤਪਾਲ ਨਾਲ ਵੀ ਮਸਲੇ ਉੱਤੇ ਹੋਈ ਗੱਲ'
ਇਸ ਤੋਂ ਇਲਾਵਾ ਜੇਲ੍ਹ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅੰਮ੍ਰਿਤਪਾਲ ਨਾਲ ਗੱਲ ਹੋਈ ਸੀ ਅਤੇ ਅੰਮ੍ਰਿਤਪਾਲ ਨੇ ਕਿਹਾ ਕਿ ਮੈਂ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਅਤੇ ਅੱਜ ਵੀ ਮੇਰਾ ਮਕਸਦ ਨੌਜਵਾਨਾਂ ਨੂੰ ਬਚਾਉਣਾ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਸੁਖਬੀਰ ਬਾਦਲ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ
'ਵਾਰਿਸ ਪੰਜਾਬ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਜਿਸ 'ਚ ਉਨ੍ਹਾਂ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਹੁਣ ਉਨ੍ਹਾਂ ਨੇ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਦੇ ਪਿਤਾ ਵੀ ਇਸ ਪਾਰਟੀ ਬਣਾਉਣ ਦੀ ਗੱਲ ਉੱਤੇ ਮੋਹਰ ਲਗਾ ਦਿੱਤੀ ਹੈ।
ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ
ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ 9 ਹੋਰਾਂ ਦੀ ਹਿਰਾਸਤ ਜੂਨ 2024 ਵਿੱਚ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ। ਇਹ ਸਾਰੇ ਸਾਲ 2023 ਮਾਰਚ ਤੋਂ ਜੇਲ੍ਹ ਵਿੱਚ ਬੰਦ ਹਨ।