ਬਰਨਾਲਾ:ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਲੈ ਕੇ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਖ਼ਤ ਟਿੱਪਣੀ ਕੀਤੀ। ਉਹਨਾਂ ਹਰਿਆਣਾ ਚੋਣਾਂ ਵਿੱਚ ਜਿੱਤ ਲਈ ਬੀਜੇਪੀ ਉਪਰ ਨਿਸ਼ਾਨੇ ਵੀ ਸਾਧੇ। ਉਹਨਾਂ ਕਿਹਾ ਕਿ ਬੀਜੇਪੀ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਚੋਣਾਂ ਜਿੱਤਦੀ ਹੈ। ਉਹਨਾਂ ਡੇਰਾ ਸਿਰਸਾ ਮੁਖੀ ਦਾ ਨਾਮ ਨਾ ਲਏ ਬਿਨਾਂ ਕਿਹਾ ਕਿ 10-10 ਸਾਲਾਂ ਦੀਆਂ ਸਜ਼ਾਵਾਂ ਕੱਟਣ ਵਾਲੇ ਕਤਲ ਦੇ ਦੋਸ਼ੀਆਂ ਨੂੰ ਇੱਕਦਮ ਪੈਰੋਲ ਦਿੱਤੀ ਗਈ ਅਤੇ ਉਸ ਨੂੰ ਵੋਟਾਂ ਲਈ ਵਰਤਿਆ ਗਿਆ। ਉਹਨਾਂ ਕਿਹਾ ਕਿ ਇਹ ਕੋਈ ਸਹੀ ਜਿੱਤ ਨਹੀਂ ਹੈ।
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ (ETV BHARAT) ਹਰਿਆਣਾ ਚੋਣਾਂ ਨੂੰ ਲੈਕੇ ਭਾਜਪਾ 'ਤੇ ਨਿਸ਼ਾਨਾ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਬੁਰੀ ਤਰ੍ਹਾਂ ਹੋਈ ਹਾਰ ਸਬੰਧੀ ਉਹਨਾਂ ਕਿਹਾ ਕਿ ਹਰਿਅਣਾ, ਹਿਮਾਚਲ ਸਮੇਤ ਸਮੁੱਚੇ ਦੇਸ਼ ਦੇ ਲੋਕਾਂ ਨੇ ਇਸ ਪਾਰਟੀ ਨੂੰ ਮੂੰਹ ਨਹੀਂ ਲਗਾਇਆ। ਜਦਕਿ ਪੰਜਾਬ ਦੇ ਲੋਕਾਂ ਨੂੰ ਵੀ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਕੀਤੀ ਗਲਤੀ ਨੂੰ ਪੰਚਾਇਤੀ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਇਹਨਾਂ ਨੂੰ ਹਰਾ ਕੇ ਸੁਧਾਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਕੇਂਦਰ ਵਿੱਚ ਇਕੱਠੀਆਂ ਹਨ, ਜਦਕਿ ਲੋਕਾਂ ਨੂੰ ਵਰਗਲਾਉਣ ਲਈ ਪੰਜਾਬ ਵਿੱਚ ਅਲੱਗ-ਅਲੱਗ ਹੋਣ ਦਾ ਦਿਖਾਵਾ ਕਰਦੇ ਹਨ, ਪਰ ਅਸਲੀਅਤ ਵਿੱਚ ਇਹ ਇੱਕ ਹੀ ਹਨ। ਇਹਨਾਂ ਦਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੀ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼
ਕਾਬਿਲੇਗੌਰ ਹੈ ਕਿ ਬੀਬਾ ਬਾਦਲ ਬਰਨਾਲਾ ਵਿਖੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਲਈ ਪਹੁੰਚੇ ਹੋਏ ਸਨ। ਉਹਨਾਂ ਇਸ ਮੌਕੇ ਵੱਖ-ਵੱਖ ਪਾਰਟੀਆਂ ਤੋਂ ਆਏ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਹਾਰ ਤੋਂ ਬੁਖ਼ਲਾਹਟ ਵਿੱਚ ਆ ਕੇ ਲੋਕਤੰਤਰ ਦਾ ਘਾਣ ਕੀਤਾ ਹੈ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਹਾਰ ਤੋਂ ਡਰਦਿਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਅਤੇ ਪਾੜੇ ਗਏ। ਉਮੀਦਵਾਰਾਂ ਨੂੰ ਅਗਵਾ ਕਰਕੇ ਗੋਲੀਆਂ ਤੱਕ ਚਲਾਈਆਂ ਗਈਆਂ।
AAP ਨੂੰ ਪੰਚਾਇਤੀ ਚੋਣਾਂ ਹਾਰਨ ਦਾ ਡਰ
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਾਰਨ ਦਾ ਇੰਨਾਂ ਡਰ ਸਤਾ ਰਿਹਾ ਸੀ, ਇਹ ਆਪਣੇ ਕੰਮ ਦੀ ਥਾਂ ਵਿਰੋਧੀਆਂ ਦੇ ਕਾਗਜ਼ ਰੱਦ ਕਰਕੇ ਪੰਚਾਇਤੀ ਚੋਣਾਂ ਜਿੱਤਣ ਵਿੱਚ ਲੱਗੀ ਹੋਈ ਹੈ। ਜਿਸ ਦਾ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਵਿਰੋਧ ਕਰ ਰਿਹਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਇਸ ਧੱਕੇਸ਼ਾਹੀ ਵਿਰੁੱਧ ਜਿੱਥੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ, ਉਥੇ ਅਦਾਲਤ ਦਾ ਦਰਵਾਜ਼ਾ ਖੜਾ ਕੇ ਵੀ ਚੋਣਾਂ ਨੂੰ ਰੱਦ ਕਰਵਾਉਣ ਲਈ ਜ਼ੋਰ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਤਿੰਨ ਸਾਲ ਪਹਿਲਾਂ ਸਰਕਾਰ ਬਣਾਈ ਸੀ। ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਲਈ ਇੱਕ ਪੈਸਾ ਤੱਕ ਨਹੀਂ ਭੇਜਿਆ।
ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ
ਇਸ ਦੇ ਨਾਲ ਹੀ ਬੀਬਾ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਪਣੇ ਪਿੰਡਾਂ ਦਾ ਨੁਕਸਾਨ ਨਾ ਕਰ ਲੈਣ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਰਾਸ਼ਨ ਕਾਰਡ, ਸ਼ਗਨ ਸਕੀਮ, ਪੈਨਸ਼ਨਾਂ, ਵਜੀਫ਼ੇ, ਸਾਈਕਲ ਅਤੇ ਆਰਓ ਵਰਗੀਆਂ ਸਹੂਲਤਾਂ ਦਿੱਤੀਆਂ ਸਨ। ਇਸ ਕਰਕੇ ਅਜਿਹੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਲੋੜ ਹੈ।