ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨਾਲ ਆ ਗਿਆ ਹੈ। ਜਿਨ੍ਹਾਂ ਨੇ ਸਾਹਨੇਵਾਲ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਣਨੀਤੀ ਬਣਾਈ।
ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ: ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈਕੇ ਉਨ੍ਹਾਂ ਸਮੁੱਚੀਆਂ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਵੀ ਸਮਰਥਨ ਕੀਤਾ, ਜਿਸ ਸਬੰਧੀ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਦਿੱਤੇ ਬਿਆਨ ਦੀ ਵੀ ਸ਼ਲਾਘਾ ਕੀਤੀ। ਜਦੋਂ ਕਿ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤੇ ਗਏ ਜਵਾਬ ਬਾਰੇ ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਕੋਈ ਫਰਕ ਨਹੀਂ ਪਵੇਗਾ।