ਬਠਿੰਡਾ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਮੰਗੀ ਰਿਸ਼ਵਤ ... (ETV Bharat) ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਮੰਗੀ ਰਿਸ਼ਵਤ
ਡੀਐਸਪੀ ਵਿਜੀਲੈਂਸ ਬਿਊਰੋ ਕੁਲਵੰਤ ਸਿੰਘ ਲਹਿਰੀ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ 'ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ
ਕੁਲਵੰਤ ਸਿੰਘ ਲਹਿਰੀ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।