ਅੰਮ੍ਰਿਤਸਰ:ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੁਨੀਆਂ ਦੇ ਵਿੱਚ ਵੱਖ-ਵੱਖ ਜਗ੍ਹਾ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਏ ਜਾ ਰਹੇ ਹਨ ਅਤੇ ਇਸ ਦੌਰਾਨ ਸੰਗਤਾਂ ਦੇ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹੀ ਤਹਿਤ ਜਾਹੋ ਜਲਾਲ ਨਾਲ ਜੰਡਿਆਲਾ ਗੁਰੂ ਵਿਖੇ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕਿਰਤਨ ਸਜਾਇਆ ਗਿਆ।
ਜਾਹੋ ਜਲਾਲ ਨਾਲ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਆਲਾ ਗੁਰੂ ਵੱਲੋ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਸੁੰਦਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਜੰਡਿਆਲਾ ਗੁਰੂ ਸ਼ਹਿਰ ਦੇ ਵੱਖ ਵੱਖ ਨਗਰ ਅਤੇ ਮਹੱਲਿਆਂ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਕੀਤਾ ਗਿਆ। ਇਸ ਦੌਰਾਨ ਜੰਡਿਆਲਾ ਗੁਰੂ ਦੇ ਵਿੱਚ ਵੱਖ-ਵੱਖ ਜਗ੍ਹਾ ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਦੇ ਉੱਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਸੰਗਤ ਦਾ ਨਿੱਘਾ ਸਵਾਗਤ ਕੀਤਾ ਗਿਆ।