ਰੂਪਨਗਰ:ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅੱਜ ਰੂਪਨਗਰ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਭੱਟ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਪੰਥ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰ ਅਦਾ ਕਰਦੇ ਹਨ ਕਿ ਉਹਨਾਂ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਜਿਸ ਨੂੰ ਉਹ ਪੂਰੀ ਲਗਣ ਦੇ ਨਾਲ ਨਿਭਉਣਗੇ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਲੀਡਰਸ਼ਿਪ ਸ਼੍ਰੋਮਣੀ ਅਕਾਲੀ ਦਲ ਦੇ ਡਾਕਟਰ ਦਲਜੀਤ ਚੀਮਾ ਮੌਜੂਦ ਰਹੇ। ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਦਾ ਸਨਮਾਨ ਕੀਤਾ ਗਿਆ।
ਤਨਦੇਹੀ ਨਾਲ ਨਿਭਾਉਣਗੇ ਜ਼ਿੰਮੇਵਾਰੀ : ਇਸ ਮੌਕੇ ਗੱਲ ਕਰਦਿਆਂ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਇਹ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਜਿਹੜੀ ਚੀਜ਼ ਜਦੋਂ ਹੋਣੀ ਹੁੰਦੀ ਹੈ ਉਦੋਂ ਹੀ ਹੁੰਦੀ ਹੈ ਅਤੇ ਇਸ ਕਾਰਜਕਾਰੀ ਪ੍ਰਧਾਨਗੀ ਦੇ ਲਈ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਵੀ ਕਰਦੇ ਹਨ। ਇਸ ਦੇ ਨਾਲ ਹੀ ਭੂੰਦੜ ਨੇ ਇਹ ਵੀ ਕਿਹਾ ਕਿ ਆਪਣੀ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਕਾਫੀ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਬਿਤੇ ਦਿਨੀਂ ਇਹ ਫੈਸਲਾ ਲਿਆ ਗਿਆ ਕਿ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਜਾਵੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਬਾਦਲ ਪਰਿਵਾਰ ਦਾ ਦਬਦਬਾ ਰਿਹਾ ਹੈ। ਜਿਸ ਵਿੱਚ ਜਿਸ ਵਿੱਚ ਮੁੱਖ ਤੌਰ 'ਤੇ ਪੰਜ ਵਾਰ ਦੇ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਹੱਥ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਜ਼ਿਆਦਾਤਰ ਰਹੀ ਹੈ। ਪਰ ਹੁਣ ਸੁਖਬੀਰ ਬਾਦਲ ਵਿਰੁਧ ਉਹਨਾ ਦੇ ਆਪਣੀ ਹੀ ਪਾਰਟੀ ਦੇ ਆਗੂ ਦੋ ਧੜਿਆਂ 'ਚ ਵੰਡੇ ਗਏ ਅਤੇ ਉਹਨਾਂ ਨੇ ਹੀ ਸੁਖਬੀਰ ਬਾਦਲ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਅਤੇ ਜਿਸ ਦੇ ਨਤੀਜੇ ਵੱਜੋਂ ਉਹਨਾਂ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ।