ਫਰੀਦਕੋਟ:ਬਹਿਬਲਕਲਾਂ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ (NIA) ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ 'ਤੇ ਏਜੰਸੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਉਹ ਨਿਸ਼ਚਿਤ ਮਿਤੀ ਅਤੇ ਸਮੇਂ 'ਤੇ ਐਨਆਈਏ ਦਫ਼ਤਰ ਵਿੱਚ ਜ਼ਰੂਰ ਪੇਸ਼ ਹੋਣਗੇ। ਸੁਖਰਾਜ ਸਿੰਘ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ ਹੈ।
"ਮੈਨੂੰ ਇਸ ਬਾਰੇ ਨਹੀਂ ਪਤਾ ਹੈ। ਮੈਂ ਹੈਰਾਨ ਹਾਂ ਕਿ ਉਨ੍ਹਾਂ ਨੇ ਮੈਨੂੰ ਕਿਉਂ ਬੁਲਾਇਆ ਹੈ। ਮੈਨੂੰ ਨਹੀਂ ਪਤਾ ਕਿ ਇਸ ਦਾ ਮੇਰੇ ਚੋਣ ਲੜਨ ਦੇ ਐਲਾਨ ਨਾਲ ਕੋਈ ਸਬੰਧ ਹੈ ਜਾਂ ਨਹੀਂ।"- ਸੁਖਰਾਜ ਸਿੰਘ
ਗਿੱਦੜਬਾਹਾ ਤੋਂ ਚੋਣ ਲੜਨ ਦੀ ਤਿਆਰੀ
ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਪੁੱਛਗਿੱਛ 'ਚ ਜਰੂਰ ਸ਼ਾਮਲ ਹੋਵੇਗਾ। ਉਹਨਾਂ ਦੱਸਿਆ ਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੱਸ ਦਈਏ ਕਿ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਵੀ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ, ਜੋ ਬਹਿਬਲ ਕਲਾਂ 'ਚ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੀ ਗੋਲੀਬਾਰੀ 'ਚ ਸ਼ਹੀਦ ਹੋ ਗਿਆ ਸੀ, ਜਦੋਂ ਸੰਗਤ ਅਕਤੂਬਰ 2015 ਦੇ ਬਰਗਾੜੀ ਕਾਂਡ ਦਾ ਵਿਰੋਧ ਕਰ ਰਹੀ ਸੀ। ਸੁਖਰਾਜ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਦੇ ਇਨਸਾਫ਼ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ, ਜਿੱਥੇ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ।
ਕਦੋਂ ਹੋਇਆ ਬੇਅਦਬੀ ਕਾਂਡ ਅਤੇ ਕੀ ਹੋਇਆ?
1 ਜੂਨ 2015ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਈ, ਜਿਸ ਕਾਰਨ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਗਿਆ।
25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਕੋਲ ਪੋਸਟਰ ਲਗਾ ਕੇ ਮਾੜੀ ਭਾਸ਼ਾ ਵਰਤੀ ਗਈ। ਪੋਸਟਰਾਂ ਵਿੱਚ ਚੋਰੀ ਹੋਏ ਸਰੂਪਾਂ ਵਿੱਚ ਡੇਰਾ ਸਿਰਸਾ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਤੇ ਸਿੱਖ ਸੰਸਥਾਵਾਂ ਨੂੰ ਖੁੱਲੀ ਚੁਣੌਤੀ ਦਿੱਤੀ ਗਈ।
12 ਅਕਤੂਬਰ 2015 -ਗੁਰੂ ਗ੍ਰੰਥ ਸਾਹਿਬ ਦੇ ਅੰਗ ਫਰੀਦਕੋਟ ਦੇ ਬਰਗਾੜੀ ਪਿੰਡ ਵਿੱਚੋਂ ਮਿਲੇ।
14 ਅਕਤੂਬਰ 2015 -ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖ ਜਥੇਬੰਦਆਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤਾ। ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਪੁਲਿਸ ਵੱਲੋਂ ਗੋਲੀ ਚਲਾਈ ਗਈ, ਜਿਸ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ। ਜਾਣਕਾਰੀ ਅਨੁਸਾਰ ਇਸ ਮਾਮਲੇ ਨਾਲ ਜੁੜੇ ਇੱਕ ਮੁਲਜ਼ਮ ਮਹਿੰਦਰ ਬਿੱਟੂ ਦਾ ਜੂਨ 2019 ਵਿੱਚ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।